ਸੂਬੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਹਾਲਤ ਬਣੀ ਤਰਸਯੋਗ: ਖਹਿਰਾ
ਸੂਬੇ ਅੰਦਰ ਆਮ ਆਦਮੀ ਪਾਰਟੀ ਦਿਨਂੋ ਦਿਨ ਸਰਗਰਮ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਜਿਥੇ ਸੂਬਾ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਨਵੇਂ ਵਿੰਗ ਬਣਾ ਕੇ ਨਵੀਆਂ ਤੈਨਾਤੀਆਂ
ਪਟਿਆਲਾ, 27 ਜੁਲਾਈ (ਰਣਜੀਤ ਰਾਣਾ ਰੱਖੜਾ, ਜਗਤਾਰ ਸਿੰਘ): ਸੂਬੇ ਅੰਦਰ ਆਮ ਆਦਮੀ ਪਾਰਟੀ ਦਿਨਂੋ ਦਿਨ ਸਰਗਰਮ ਹੁੰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਜਿਥੇ ਸੂਬਾ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਨਵੇਂ ਵਿੰਗ ਬਣਾ ਕੇ ਨਵੀਆਂ ਤੈਨਾਤੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ, ਉਥੇ ਹੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਸੂਬੇ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਇਸੇ ਤਹਿਤ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਅੱਜ ਪਟਿਆਲਾ ਦੌਰਾ ਵੀ ਕੀਤਾ, ਜਿਥੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨੀ ਸੰਕਟ ਦੇ ਹੱਲ ਵਾਸਤੇ ਅਮਰਿੰਦਰ ਸਰਕਾਰ ਵਿਧਾਨ ਸਭਾ ਦਾ ਤਿੰਨ ਰੋਜ਼ਾ ਵਿਸ਼ੇਸ਼ ਇਜਲਾਸ ਸੱਦੇ ਜਿਸ ਵਿਚ ਇਸ ਮਸਲੇ ਨੂੰ ਵਿਸਥਾਰ ਵਿਚ ਵਿਚਾਰ ਕੇ ਸੰਕਟ ਹੱਲ ਕੀਤਾ ਜਾ ਸਕੇ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਦੀ ਹਾਲਤ ਇਸ ਵੇਲੇ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਵਾਸਤੇ ਪੰਜਾਬ ਸਰਕਾਰ ਸਾਰੇ ਬੈਂਕਾਂ ਵਲੋਂ ਪੰਜ ਏਕੜ ਤੋਂ ਘੱਟ ਜ਼ਮੀਨਾਂ ਵਾਸਤੇ ਕਿਸਾਨਾਂ ਦੇ ਕਰਜ਼ਿਆਂ ਦੀ ਵਸੂਲੀ 'ਤੇ ਤੁਰਤ ਰੋਕ ਲਗਾਵੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖਣਗੇ ਤੇ ਇਸ ਮਗਰੋਂ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ।
ਅਕਾਲੀ ਦਲ ਵੱਲੋਂ 'ਜ਼ਬਰ ਵਿਰੋਧੀ ਲਹਿਰ' ਦੀ ਸ਼ੁਰੂਆਤ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਆਪਣੇ ਵਿਰੋਧੀਆਂ 'ਤੇ ਹਜ਼ਾਰਾਂ ਝੂਠੇ ਪਰਚੇ ਦਰਜ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਇਸ ਵਾਸਤੇ ਮੁਆਫੀ ਮੰਗਣੀ ਚਾਹੀਦੀ ਹੈ। ਕੇਜਰੀਵਾਲ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਦਾ ਪੰਜਾਬ 'ਤੇ ਅਸਰ ਪੈਣ ਬਾਰੇ ਸਵਾਲ ਦੇ ਜਵਾਬ ਵਿਚ ਖਹਿਰਾ ਨੇ ਕਿਹਾ ਕਿ ਕੇਂਦਰ ਵਿਚ ਵੱਡੀਆਂ ਸਿਆਸੀ ਸ਼ਕਤੀਆਂ ਮਿਲ ਕੇ ਕੇਜਰੀਵਾਲ ਦਾ ਵਿਰੋਧ ਕਰ ਰਹੀਆਂ ਹਨ ਤਾਂ ਕਿ ਤੀਜੀ ਧਿਰ ਨੂੰ ਉਭਰਨ ਤੋਂ ਰੋਕਿਆ ਜਾਵੇ।