ਕੈਪਟਨ ਦੱਸਣ ਕਿ ਉਹਨਾਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ‘ਚ ਕੀ ਕਾਰਵਾਈ ਕੀਤੀ: ਅਕਾਲੀ ਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਦਲਜੀਤ ਚੀਮਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਕੀਤੀ ਨਿਖੇਧੀ

Sukhbir Badal

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੱਲ੍ਹ ਜਲਾਲਾਬਾਦ ਵਿਚ ਹੋਏ ਹਮਲੇ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਦੋਸ਼ੀਆਂ ਦੇ ਬਚਾਅ ਵਿਚ ਆਉਣ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਜ਼ੋਰਦਾਰ ਨਿਖੇਧੀ ਕੀਤੀ।

ਜਾਰੀ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੱਲ੍ਹ ਸਰਬ ਪਾਰਟੀ ਮੀਟਿੰਗ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਦਖਲ ਦਿੰਦਿਆਂ ਮੁੱਖ ਮੰਤਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਜਲਾਲਾਬਾਦ ਵਿਚ ਹਮਲੇ ਦੀ ਜਾਣਕਾਰੀ ਦਿੱਤੀ ਸੀ ਜਿਸ ਮਗਰੋਂ ਮੁੱਖ ਮੰਤਰੀ ਨੇ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦੁਆਇਆ ਸੀ।

ਉਹਨਾਂ ਕਿਹਾ ਕਿ ਪਾਰਟੀ ਇਸ ਗੱਲੋਂ ਹੈਰਾਨ ਹੈ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ  ’ਤੇ ਖੁਦ ਹਮਲਾ ਕਰਵਾਇਆ ਹੈ। ਚੀਮਾ ਨੇ ਕਿਹਾ ਕਿ ਸੂਬੇ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਕ ਵਿਅਕਤੀ ਜੋ ਉਪ ਮੁੱਖ ਮੰਤਰੀ ਰਿਹਾ ਹੋਵੇ ਤੇ ਪਾਰਟੀ ਦਾ ਪ੍ਰਧਾਨ ਹੋਵੇ, ਉਸ ’ਤੇ ਇਸ ਤਰੀਕੇ ਦਾ ਹਮਲਾ ਕੀਤਾ ਗਿਆ ਹੋਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਕੱਲ੍ਹ ਮਾਮਲੇ ਦੀ ਗੰਭੀਰਤਾ ਨੂੰ ਸਮਝ ਲਿਆ ਸੀ ਪਰ ਹੁਣ ਇਕ ਕੈਬਨਿਟ ਮੰਤਰੀ ਸ਼ਰੇਆਮ ਦੋਸ਼ੀਆਂ ਦੀ ਪੁਸ਼ਤ ਪਨਾਹੀ ’ਤੇ ਉਤਰ ਆਇਆ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਅਜਿਹਾ ਵਿਵਹਾਰ ਚੰਗਾ ਨਹੀਂ ਹੈ ਤੇ ਮੁੱਖ ਮੰਤਰੀ ਨੂੰ ਕੱਲ੍ਹ ਇਸ ਮਾਮਲੇ ’ਤੇ ਦਿੱਤੇ ਗਏ ਭਰੋਸੇ ਦੇ  ਬਾਰੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।