'ਆਪ' ਨੇ ਸੰਗਰੂਰ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ
23 ਜੂਨ ਨੂੰ ਹੋਵੇਗੀ ਸੰਗਰੂਰ ਜ਼ਿਮਨੀ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਸੀਟ ਲਈ ਗੁਰਮੇਲ ਸਿੰਘ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਮੇਂ ਉਹ ਪਾਰਟੀ ਦੇ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹਨ। ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ।
ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖ਼ਾਲੀ ਹੋਈ ਸੀ। ਮੁੱਖ ਮੰਤਰੀ ਮਾਨ ਨੇ ਵਿਧਾਇਕ ਚੁਣੇ ਜਾਣ ਅਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਇਹ ਸੀਟ ਛੱਡ ਦਿੱਤੀ ਸੀ। ਸੀਐਮ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਇਸ ਸੀਟ 'ਤੇ ਦਾਅਵਾ ਕਰ ਰਹੇ ਸਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੇ ਪੋਸਟਰ ਵੀ ਲਗਾਏ ਗਏ ਸਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ।
ਇਸ ਤੋਂ ਇਲਾਵਾ ਭਗਵੰਤ ਮਾਨ ਦੇ ਦੋਸਤ ਕਾਮੇਡੀਅਨ ਕਰਮਜੀਤ ਅਨਮੋਲ ਅਤੇ ਇੱਕ ਆਈਪੀਐਸ ਅਫਸਰ ਦਾ ਨਾਂ ਵੀ ਚਰਚਾ ਵਿੱਚ ਸੀ। ਕਾਂਗਰਸ ਨੇ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਦੂਜੇ ਪਾਸੇ ਭਾਜਪਾ ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ 'ਤੇ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।