ਸੁਨੀਲ ਜਾਖੜ ਦੀ ਅਗਵਾਈ 'ਚ ਭਾਜਪਾ ਜ਼ਮੀਨੀ ਪੱਧਰ 'ਤੇ ਹੋਵੇਗੀ ਹੋਰ ਮਜ਼ਬੂਤ : ਯਾਦਵਿੰਦਰ ਬੁੱਟਰ
ਕਿਹਾ,ਸੁਨੀਲ ਜਾਖੜ ਸੂਝਵਾਨ ਨੇਤਾ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ’ਚ ਸਮਰੱਥ
ਬਟਾਲਾ : ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰਖਦਿਆਂ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਕੇ ਇਕ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ ਅਤੇ ਸੁਨੀਲ ਜਾਖੜ ਵਰਗੇ ਸੂਝਵਾਨ ਨੇਤਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜੋ ਤਿੰਨ ਵਾਰ ਵਿਧਾਇਕ ਰਹਿਣ ਦੇ ਨਾਲ-ਨਾਲ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ, ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਭਰ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਇਕ ਸੂਝਵਾਨ ਆਗੂ ਹੋਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ’ਚ ਵੀ ਸਮਰੱਥ ਹਨ।
ਇਹ ਵੀ ਪੜ੍ਹੋ: ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਪਾਰਟੀ ਦੇ ਮਿਹਨਤੀ ਅਤੇ ਯੋਗ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿਤੀਆਂ ਹਨ ਅਤੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨਾਲ ਭਾਜਪਾ ਸੂਬੇ ਵਿਚ ਹੋਰ ਵੀ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਨੀਲ ਜਾਖੜ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਕੇ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣਗੇ।
ਯਾਦਵਿੰਦਰ ਸਿੰਘ ਬੁੱਟਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਇਕ ਨਵੀਂ ਦਿਸ਼ਾ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਭਾਜਪਾ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਇਤਿਹਾਸਕ ਜਿੱਤ ਦਰਜ ਕਰੇਗੀ।