Madhya Pradesh Elections: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਦੋਵਾਂ ਨੇਤਾਵਾਂ ਨੇ ਮੱਧ ਪ੍ਰਦੇਸ਼ ਦੇ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ

Bhagwant Mann and Arvind Kejriwal campaign for 'AAP' candidates in Madhya Pradesh

Madhya Pradesh Elections:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ।  ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁੱਝ ਵੀ ਚੰਗਾ ਨਹੀਂ ਕੀਤਾ।
 ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ।  ਦੋ ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀਐਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣਾ ਵੀ ਨਹੀਂ ਆਉਂਦੀ।
 ਮਾਨ ਨੇ ਮੋਦੀ ਸਰਕਾਰ 'ਤੇ ਦੇਸ਼ ਦੇ ਕਿਸਾਨਾਂ ਦੀ ਹਾਲਤ ਬਦਤਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਕਰ ਦਿਤੀ ਹੈ।  ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਭੁੱਖੇ ਸੌਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਲਈ ਕੁੱਝ ਨਹੀਂ ਕੀਤਾ।  
 ਰੋਡ ਸ਼ੋਅ ਵਿਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿਚ ਬਦਲਾਅ ਦਾ ਸਬੂਤ ਹੈ।  ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿਚ ਸਾਡੇ ਰੋਡ ਸ਼ੋਅ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਹਨ।  ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।

 ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿਚ ਬਹੁਤ ਕੰਮ ਕੀਤਾ ਹੈ।  ਇਥੇ ਵੀ ਸਰਕਾਰ ਬਣੀ ਤਾਂ ਅਸੀਂ ਇਸੇ ਤਰ੍ਹਾਂ ਕੰਮ ਕਰਾਂਗੇ।  ਇਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿਤੀ ਜਾਵੇਗੀ।  ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।