ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ : ਜਾਤ ਆਧਾਰਤ ਮਰਦਮਸ਼ੁਮਾਰੀ ਦਾ ਸਮਰਥਨ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ : ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਜਨੀਤੀ

ਕੇਂਦਰ ’ਚ ਆਏ ਤਾਂ ਓ.ਬੀ.ਸੀ. ਔਰਤਾਂ ਦੀ ਭਾਗੀਦਾਰੀ ਨਾਲ ਰਾਖਵਾਂਕਰਨ ਕਰਾਂਗੇ ਲਾਗੂ : ਖੜਗੇ

CWC Meeting

ਕਿਹਾ, ਚੋਣਾਂ ’ਚ ਸਿਆਸੀ ਪਾਰਟੀਆਂ ਦੇ ਨਾਲ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਲੋਕ ਵੀ ਸਰਗਰਮ, ਅਸੀਂ ਚੁਪ ਨਹੀਂ ਬੈਠਾਂਗੇ

ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਅੱਜ ਹੋਈ ਬੈਠਕ ’ਚ ਜਾਤ ਆਧਾਰਤ ਮਰਦਮਸ਼ੁਮਾਰੀ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ਸਮੇਤ ਕੁਝ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।

ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ’ਤੇ ਜਾਤੀ ਆਧਾਰਤ ਮਰਦਮਸ਼ੁਮਾਰੀ ਦੇ ਮੁੱਦੇ ’ਤੇ ਚੁੱਪ ਰਹਿਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਭਲਾਈਕਾਰੀ ਯੋਜਨਾਵਾਂ ’ਚ ਸਹੀ ਹਿੱਸੇਦਾਰੀ ਲਈ ਜ਼ਰੂਰੀ ਹੈ ਕਿ ਕਮਜ਼ੋਰ ਵਰਗਾਂ ਦੀ ਸਮਾਜਕ ਅਤੇ ਆਰਥਕ ਸਥਿਤੀ ਦੇ ਅੰਕੜੇ ਮੁਹਈਆ ਹੋਣ।

ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੀ ਮੀਟਿੰਗ ’ਚ ਉਨ੍ਹਾਂ ਪਾਰਟੀ ਆਗੂਆਂ ਨੂੰ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਮਿਜ਼ੋਰਮ ’ਚ ਵਿਧਾਨ ਸਭਾ ਚੋਣਾਂ ਲਈ ਪ੍ਰਭਾਵਸ਼ਾਲੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨਾਲ-ਨਾਲ ਹੀ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਲੋਕ ਵੀ ਸਰਗਰਮ ਹਨ, ਅਜਿਹੀ ਸਥਿਤੀ ’ਚ ਚੁੱਪ ਨਹੀਂ ਬੈਠਿਆ ਜਾ ਸਕਦਾ। 

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਜਾਤੀ ਆਧਾਰਿਤ ਜਨਗਣਨਾ ਦੇ ਵਿਚਾਰ ਦੇ ਪੱਖ ਵਿਚ ਇਤਿਹਾਸਕ ਫੈਸਲਾ ਲਿਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਆ’ ਦੀਆਂ ਜ਼ਿਆਦਾਤਰ ਪਾਰਟੀਆਂ ਜਾਤ ਆਧਾਰਤ ਮਰਦਮਸ਼ੁਮਾਰੀ ਦੇ ਹੱਕ ’ਚ ਹਨ।

ਉਨ੍ਹਾਂ ਕਿਹਾ, ‘‘ਵਰਕਿੰਗ ਕਮੇਟੀ ਨੇ ਇਤਿਹਾਸਕ ਫੈਸਲਾ ਲਿਆ। ਸਾਰਿਆਂ ਦੀ ਸਹਿਮਤੀ ਨਾਲ ਜਾਤ ਆਧਾਰਤ ਮਰਦਮਸ਼ੁਮਾਰੀ ਦੇ ਵਿਚਾਰ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ।’’ ਰਾਹੁਲ ਨੇ ਕਿਹਾ ਕਿ ਕਾਂਗਰਸ ਜਾਤ ਆਧਾਰਤ ਮਰਦਮਸ਼ੁਮਾਰੀ ਲਈ ਭਾਜਪਾ ’ਤੇ ਜ਼ੋਰਦਾਰ ਦਬਾਅ ਬਣਾਏਗੀ। ਕਾਂਗਰਸ ਨੇਤਾ ਨੇ ਕਿਹਾ, ‘‘ਇਹ ਕੋਈ ਸਿਆਸੀ ਫੈਸਲਾ ਨਹੀਂ ਹੈ, ਸਗੋਂ ਨਿਆਂ ਦਾ ਫੈਸਲਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਤ ਆਧਾਰਤ ਮਰਦਮਸ਼ੁਮਾਰੀ ਕਰਵਾਉਣ ’ਚ ‘ਅਸਮਰੱਥ’ ਹਨ।

ਸਾਬਕਾ ਕਾਂਗਰਸ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਓ.ਬੀ.ਸੀ. ਵਰਗ ਲਈ ਕੰਮ ਨਹੀਂ ਕਰਦੇ, ਸਗੋਂ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਜਾਤ ਆਧਾਰਤ ਮਰਦਮਸ਼ੁਮਾਰੀ ਇਕ ‘ਐਕਸ-ਰੇ’ ਵਾਂਗ ਹੈ ਜੋ ਕਿ ਓ.ਬੀ.ਸੀ ਅਤੇ ਹੋਰ ਵਰਗਾਂ ਦੀ ਸਥਿਤੀ ਨੂੰ ਉਜਾਗਰ ਕਰੇਗੀ। ਰਾਹੁਲ ਗਾਂਧੀ ਨੇ ਪੁਛਿਆ ਕਿ ਪ੍ਰਧਾਨ ਮੰਤਰੀ ਇਹ ‘ਐਕਸਰੇ’ ਕਿਉਂ ਨਹੀਂ ਚਾਹੁੰਦੇ?