ਫੋਟੋ ’ਤੇ ਗਰਮਾਈ ਪੰਜਾਬ ਦੀ ਸਿਆਸਤ! ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰਾਂ ’ਤੇ ਲੱਗੀ CM ਮਾਨ ਦੀ ਫੋਟੋ
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਲੈ ਕੇ ਕਾਫੀ ਆਲੋਚਨਾ ਹੁੰਦੀ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਗਮ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ। ਦਰਅਸਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਨਿਯੁਕਤੀ ਪੱਤਰ 'ਤੇ ਸੀਐਮ ਭਗਵੰਤ ਮਾਨ ਦੀ ਫੋਟੋ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਪਿਛਲੀਆਂ ਸਰਕਾਰਾਂ ਦੇ ਫੋਟੋ ਕਲਚਰ 'ਤੇ ਸਵਾਲ ਉਠਾਉਂਦੇ ਰਹੇ ਹਨ।
Punjab CM Bhagwant Mann
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਲੈ ਕੇ ਕਾਫੀ ਆਲੋਚਨਾ ਹੁੰਦੀ ਰਹੀ ਹੈ। ਇਸ ਸਬੰਧੀ ਆਰਟੀਆਈ ਕਾਰਕੁਨ ਹਰਮਿਲਾਪ ਗਰੇਵਾਲ ਨੇ ਕਿਹਾ ਕਿ 0 ਸਾਲਾਂ ਤੋਂ ਅਜਿਹਾ ਹੁੰਦਾ ਰਿਹਾ ਹੈ, ਫਿਰ ਕੋਈ ਨਹੀਂ ਬੋਲਿਆ। ਜੇ ਅਸੀਂ ਤਸਵੀਰ ਲਗਾ ਲਈ, ਤਾਂ ਕਿਉਂ ਬੋਲ ਰਹੇ ਹੋ?
Ration Card
ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ। ਇਸ ਦੌਰਾਨ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਲਈ ਫਤਿਹ ਕਿੱਟ ਬਣਵਾਈ ਗਈ, ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਨੂੰ ਇਹ ਕਿੱਟ ਮੁਫ਼ਤ ਦਿੱਤੀ ਗਈ। ਇਸ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਸੀ। ਇਸ ਨੂੰ ਲੈ ਕੇ ਕੈਪਟਨ ਸਰਕਾਰ ਦੀ ਕਾਫੀ ਆਲੋਚਨਾ ਵੀ ਹੋਈ ਸੀ।
Fateh Kit
ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਦੀ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਲੇ (ਬੀਪੀਐਲ) ਪਰਿਵਾਰਾਂ ਲਈ ਨੀਲੇ ਰਾਸ਼ਨ ਕਾਰਡ ਬਣਾਏ ਗਏ ਸਨ। ਜਿਸ ਵਿਚ ਉਹਨਾਂ ਨੂੰ ਸਸਤਾ ਆਟਾ ਅਤੇ ਦਾਲ ਮਿਲਦੀ ਸੀ। ਇਸ ਕਾਰਡ 'ਤੇ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਸੀ। ਜਿਸ ਨੂੰ ਲੈ ਕੇ ਵਿਰੋਧੀ ਅਕਸਰ ਹਮਲੇ ਬੋਲਦੇ ਰਹੇ। ਕੁਝ ਸਮਾਂ ਪਹਿਲਾਂ ਕੋਵਿਡ ਵੈਕਸੀਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਲੈ ਕੇ ਵੀ ਕਾਫੀ ਵਿਵਾਦ ਹੋਇਆ ਸੀ। ਜਿਸ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਪੀਐਮ ਮੋਦੀ ਦੀ ਫੋਟੋ ਹਟਾ ਦਿੱਤੀ ਸੀ।