16 ਫਰਵਰੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਜਨੀਤੀ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

Photo

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 2020 ਵਿਚ ਇਕ ਵਾਰ ਫਿਰ ਤੋਂ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਨਿਊਜ਼ ਏਜੰਸੀ ਵੱਲੋਂ ਦਿੱਤੀ ਗਈ ਹੈ। ਇਸ ਤਰ੍ਹਾਂ ਉਹ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨਗੇ।

ਦਰਅਸਲ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਾਲ 2015 ਦੀ ਤਰ੍ਹਾਂ ਹੀ ਜ਼ਬਰਦਸਤ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਨੇ ਇਹਨਾਂ ਚੋਣਾਂ ਵਿਚ 62 ਸੀਟਾਂ ਅਪਣੇ ਨਾਂਅ ਕੀਤੀਆਂ ਹਨ। ਹਾਲਾਂਕਿ ਪਿਛਲੀ ਵਾਰ ਤੋਂ 6 ਸੀਟਾਂ ਘੱਟ ਹਨ। ਉੱਥੇ ਹੀ ਭਾਜਪਾ ਨੂੰ ਇਹਨਾਂ ਚੋਣਾਂ ਵਿਚ 8 ਸੀਟਾਂ ਮਿਲੀਆਂ ਹਨ।

ਕਾਂਗਰਸ ਦਾ ਪਿਛਲੀ ਵਾਰ ਦੀ ਤਰ੍ਹਾਂ ਹੀ ਇਸ ਵਾਰ ਵੀ ਖਾਤਾ ਨਹੀਂ ਖੁੱਲ੍ਹਿਆ ਅਤੇ ਉਸ ਦੇ ਕਰੀਬ 67 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਆਪ ਨੇ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ ਅਤੇ ਉਸ ਦੀ ਵੋਟ ਹਿੱਸੇਦਾਰੀ 53.57 ਫੀਸਦੀ ਰਹੀ। ਭਾਜਪਾ ਨੂੰ 38.51 ਫੀਸਦੀ ਵੋਟਾਂ ਮਿਲੀਆਂ। ਕਾਂਗਰਸ ਦਾ ਖਾਤਾ ਨਹੀਂ ਖੁੱਲ੍ਹਿਆ ਅਤੇ ਉਸ ਦੀ ਵੋਟ ਹਿੱਸੇਦਾਰੀ 4.26 ਫੀਸਦੀ ਰਹੀ।

ਆਪ ਦੀ ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਨਵੀਂ ਕੈਬਨਿਟ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਨਵੀਂ ਕੈਬਨਿਟ ਵਿਚ ਕਈ ਨਵੇਂ ਨਾਂਅ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਆਪ ਵੱਲੋਂ ਇਸ ਸਬੰਧੀ ਕੋਈ ਬੋਲਣ ਲਈ ਤਿਆਰ ਨਹੀਂ ਹੈ। ਆਪ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਦੁਬਾਰਾ ਰਸਮੀ ਗਠਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

ਬੁੱਧਵਾਰ ਦੁਪਹਿਰ ਨੂੰ ਆਪ ਦੇ ਵਿਧਾਇਕ ਦਲ ਦੀ ਬੈਠਕ ਹੋਵੇਗੀ, ਜਿਸ ਵਿਚ ਅਰਵਿੰਦ ਕੇਜਰੀਵਾਲ ਵਿਧਾਇਕ ਦਲ ਦੇ ਨੇਤਾ ਚੁਣੇ ਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਵਿਧਾਇਕ ਦਲ ਦਾ ਨੇਤਾ ਚੁਣਨ ਤੋਂ ਬਾਅਦ ਉਪ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਪ੍ਰਸਤਾਵ ਦਿੱਤਾ ਜਾਵੇਗਾ।