ਅਰੁਣਾ ਚੌਧਰੀ ਵੱਲੋਂ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Aruna Chaudhary directs District Programme Officers

ਚੰਡੀਗੜ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਹਨਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮੇਟੀ ਰੂਮ ਵਿਖੇ ਚੱਲੀ ਮੈਰਾਥਨ ਮੀਟਿੰਗ ਵਿਚ ਸ੍ਰੀਮਤੀ ਚੌਧਰੀ ਨੇ ਹਰ ਸਕੀਮ ਦੀ ਸਮੀਖਿਆ ਕੀਤੀ ਅਤੇ ਫੈਸਲਾ ਕੀਤਾ ਕਿ ਉਹ ਖੁਦ ਦੋ ਮਹੀਨਿਆਂ ਬਾਅਦ ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਕਰਨਗੇ ਜਦੋਂ ਕਿ ਵਿਭਾਗ ਦੇ ਉਚ ਅਧਿਕਾਰੀ ਹਰ ਮਹੀਨੇ ਮੀਟਿੰਗ ਲਿਆ ਕਰਨਗੇ। ਮੀਟਿੰਗ ਦੀ ਸ਼ੁਰੂਆਤ ਵਿਚ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਜਦੋਂ ਕਿ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਸਪਰਾ ਨੇ ਮੀਟਿੰਗ ਦੀ ਕਾਰਵਾਈ ਚਲਾਈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਵਿਚ ਕੋਈ ਢਿੱਲ ਨਾ ਵਰਤੀ ਜਾਵੇ ਕਿਉਂਕਿ ਇਹ ਸਭ ਤੋਂ ਸੰਵੇਦਨਸ਼ੀਲ ਮਾਮਲਾ ਹੈ। ਉਹਨਾਂ ਕਿਹਾ ਕਿ ਦੋਵਾਂ ਵਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਜਾਂ ਅਪਰਾਧ ਤੋਂ ਬਾਅਦ ਪੀੜਤ ਲਈ ਬਣਾਏ ਗਏ 'ਵਨ ਸਟਾਪ ਸੈਂਟਰ' ਦੀ ਕਾਰਜਸ਼ੈਲੀ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਹਨਾਂ ਨੂੰ ਦੱਸਿਆ ਗਿਆ ਕਿ ਹਾਲੇ ਪੰਜ ਜ਼ਿਲਿਆਂ ਵਿਚ ਇਹਨਾਂ ਸੈਂਟਰਜ਼ ਦੀ ਉਸਾਰੀ ਨਿਰਮਾਣ ਅਧੀਨ ਹੈ ਜਿਸ ਕਾਰਨ ਇਹਨਾਂ ਨੂੰ ਆਰਜ਼ੀ ਤੌਰ 'ਤੇ ਹਸਪਤਾਲਾਂ ਵਿਚ ਚਲਾਇਆ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਪੀੜਤ ਦੀ ਸ਼ਨਾਖਤ ਗੁਪਤ ਰੱਖੀ ਜਾਵੇ ਅਤੇ ਉਹਨਾਂ ਦੀ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਮੱਦਦ ਕਰਨੀ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਉਹਨਾਂ ਵੱਡੇ ਸ਼ਹਿਰਾਂ ਵਿਚ ਕੰਮਕਾਜੀ ਮਹਿਲਾਵਾਂ ਲਈ ਬਣਾਏ ਜਾਣ ਵਾਲੇ 'ਵਰਕਿੰਗ ਵੂਮੈਨ ਹੋਸਟਲ' ਦੀ ਸਕੀਮ ਦਾ ਜਾਇਜ਼ਾ ਲਿਆ। ਪਟਿਆਲਾ, ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਵਿਖੇ ਇਹਨਾਂ ਹੋਸਟਲਾਂ ਲਈ ਜ਼ਮੀਨ ਦੀ ਸ਼ਨਾਖਤ ਕਰ ਲਈ ਗਈ ਹੈ ਜਦੋਂ ਕਿ ਮੁਹਾਲੀ ਵਿਖੇ ਹਾਲੇ ਕਰਨੀ ਹੈ। ਮੰਤਰੀ ਨੇ ਇਸ ਕੰਮ ਨੂੰ ਜਲਦ ਨੇਪਰੇ ਚਾੜਨ ਦੀਆਂ ਹਦਾਇਤਾਂ ਦਿੱਤੀਆਂ ਜਦੋਂ ਕਿ ਬਾਕੀ ਰਹਿੰਦੇ ਹੋਰ ਵੱਡੇ ਸ਼ਹਿਰਾਂ ਨੂੰ ਵੀ ਇਸ ਸਕੀਮ ਅਧੀਨ ਲਿਆਉਣ ਲਈ ਕਿਹਾ। ਉਹਨਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਲਈ ਇਹ ਇਕ ਵੱਡਾ ਕਦਮ ਹੋਵੇਗਾ।

ਆਂਗਣਵਾੜੀ ਕੇਂਦਰਾਂ ਵਿਚ ਬੁਨਿਆਦੀ ਸਹੂਲਤਾਂ ਵਿਚ ਕਮੀਆਂ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਚੌਧਰੀ ਨੇ ਇਹਨਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ। ਉਹਨਾਂ ਜ਼ਿਲ੍ਹਾ ਵਾਰ ਕੇਂਦਰਾਂ ਵਿਚ ਖਾਲੀ ਪਈਆਂ ਹੈਲਪਰਾਂ ਤੇ ਵਰਕਰਾਂ ਦੀਆਂ ਆਸਾਮੀਆਂ ਦੀ ਗਿਣਤੀ ਪੁੱਛੀ ਅਤੇ ਇਹਨਾਂ ਨੂੰ ਜ਼ਿਲ੍ਹਾ ਪੱਧਰ 'ਤੇ ਫੌਰੀ ਤੌਰ 'ਤੇ ਭਰਨ ਦੇ ਹੁਕਮ ਦਿੱਤੇ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਪੂਰਾ ਤਾਲਮੇਲ ਸਥਾਪਤ ਕਰ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਨੂੰ ਸਫਲਤਾ ਪੂਰਵਕ ਚਲਾਇਆ ਜਾਵੇ। ਉਹਨਾਂ ਕਿਹਾ ਕਿ ਜਿਹੜੇ ਆਂਗਣਵਾੜੀ ਕੇਂਦਰ ਸਕੂਲਾਂ ਤੋਂ ਦੂਰ ਹਨ, ਉਹਨਾਂ ਵਿਚ ਅਧਿਆਪਕ ਖੁਦ ਆ ਕੇ ਬੱਚਿਆਂ ਨੂੰ ਪੜਾਇਆ ਕਰਨਗੇ।

ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਲੋੜੀਂਦੇ ਰਾਸ਼ਨ ਅਤੇ ਉਹਨਾਂ ਦੇ ਡਾਈਟ ਸ਼ਡਿਊਲ ਬਾਰੇ ਚਰਚਾ ਕਰਦਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਖੁਰਾਕ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਕੋਈ ਵੀ ਬੱਚਾ ਪੌਸ਼ਟਿਕ ਖੁਰਾਕ ਤੋਂ ਵਾਂਝਾ ਨਾ ਰਹੇ। ਉਹਨਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਬਿਠਾ ਕੇ ਬੱਚਿਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ। ਸ੍ਰੀਮਤੀ ਚੌਧਰੀ ਨੇ ਪੋਸ਼ਣ ਅਭਿਆਨ ਅਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਪਿਛਲੇ ਨਤੀਜਿਆਂ 'ਤੇ ਤਸੱਲੀ ਪ੍ਰਗਟਾਈ। ਉਹਨਾਂ ਕਿਹਾ ਕਿ ਇਸ ਸਾਲ ਇਸ ਨੂੰ ਹੋਰ ਵੀ ਵੱਡੇ ਤਰੀਕੇ ਨਾਲ ਚਲਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਕੁਪੋਸ਼ਣ ਨਾ ਰਹੇ। ਉਹਨਾਂ ਅਧਿਕਾਰੀਆਂ ਨੂੰ 2022 ਤੱਕ ਛੇ ਸਾਲ ਤੱਕ ਦੀ ਉਮਰ ਦੇ ਬੱਚਿਆਂ ਵਿਚ ਸਟਟਿੰਗ ਦੀ ਦਰ 38.4 ਫੀਸਦੀ ਤੋਂ ਘਟਾ ਕੇ 25 ਫੀਸਦੀ ਤੱਕ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਕਿਹਾ।

ਉਹਨਾਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਅਭਿਆਨ ਅਧੀਨ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਸਾਲਾਨਾ ਐਵਾਰਡਾਂ ਲਈ ਸਾਰੇ ਜ਼ਿਲੇ ਆਪਣਾ ਕੇਸ ਤਿਆਰ ਕਰ ਕੇ ਤੁਰੰਤ ਭੇਜਣ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸੂਬੇ ਦੇ ਸਮੂਹ 22 ਜ਼ਿਲਿ•ਆਂ ਵਿਚ ਪਹਿਲੀ ਜੁਲਾਈ 2017 ਤੋਂ ਚਲਾਈ ਜਾ ਰਹੀ ਹੈ ਜਿਸ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਤੇ ਨਿਊਟਰੀਸ਼ਨ ਪੱਧਰ ਵਿਚ ਸੁਧਾਰ ਲਿਆਉਣ ਲਈ ਤਿੰਨ ਕਿਸ਼ਤਾਂ ਵਿਚ ਕੁੱਲ 5000 ਰੁਪਏ ਦਿੱਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿਚ ਮਹਿਲਾਵਾਂ ਨੂੰ 75.98 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਮੌਜੂਦਾ ਵਿੱਤੀ ਵਰੇ 2019-20 ਲਈ ਇਸ ਸਕੀਮ ਲਈ 33.14 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਹੁਣ ਤੱਕ 1,98,659 ਲਾਭਪਾਤਰੀਆਂ ਨੂੰ ਸਕੀਮ ਦੇ ਪੋਰਟਲ 'ਤੇ ਇਨਰੋਲ ਕੀਤਾ ਜਾ ਚੁੱਕਾ ਹੈ।

ਸ੍ਰੀਮਤੀ ਚੌਧਰੀ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਿਰਭਿਆ ਸਕੀਮ ਤਹਿਤ ਫੰਡ ਹਾਸਲ ਕਰਨ ਲਈ ਹਰ ਜ਼ਿਲ੍ਹਾ ਪ੍ਰਭਾਵਸ਼ਾਲੀ ਯੋਜਨਾ ਬਣਾਏ ਜਿਸ ਨੂੰ ਭਾਰਤ ਸਰਕਾਰ ਕੋਲ ਭੇਜਿਆ ਜਾਵੇ। ਉਹਨਾਂ ਬੇਟੀ ਬਚਾਓ ਬੇਟੀ ਪੜਾਓ ਯੋਜਨਾ ਨੂੰ ਪ੍ਰੈਕਟੀਕਲ ਤਰੀਕੇ ਨਾਲ ਹੇਠਲੇ ਪੱਧਰ 'ਤੇ ਕਾਮਯਾਬ ਕਰਨ ਲਈ ਨਿਵੇਕਲੇ ਕਦਮ ਸ਼ੁਰੂ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਲੜਕੀਆਂ ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਜਾਵੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਗੁਰੂ ਜੀ ਨਾਲ ਸਬੰਧਤ ਪਿੰਡਾਂ ਵਿਚ ਲਗਾਏ ਜਾਣ ਵਾਲੇ 550 ਪੌਦਿਆਂ ਵਿੱਚੋਂ ਕੁਝ ਪੌਦੇ ਨਵ-ਜਨਮੀਆਂ ਲੜਕੀਆਂ ਦੇ ਪਰਿਵਾਰਾਂ ਹੱਥੋਂ ਲਗਾਏ ਜਾਣ।ਮੀਟਿੰਗ ਵਿਚ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਰੁਪਿੰਦਰ ਕੌਰ ਤੇ ਅਮਰਜੀਤ ਸਿੰਘ, ਸਮੂਹ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਹਾਜ਼ਰ ਸਨ।