ਬਰਗਾੜੀ ਮੁੱਦੇ 'ਤੇ ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ

Sukhbir Singh Badal stop shedding crocodile tears on Bragari issue : Capt. Amarinder

ਚੰਡੀਗੜ੍ਹ : ਅਸੀਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰ ਮੈਨੂੰ ਸਮਝ ਨਹੀਂ ਆ ਰਹੀ ਕਿ ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾ ਕੇ ਸਾਬਤ ਕੀ ਕਰਨਾ ਚਾਉਂਦੇ ਹਨ। ਜੇ ਇਨ੍ਹਾਂ ਨੂੰ ਸੱਚੀ ਇੰਨਾ ਫ਼ਿਕਰ ਸੀ ਤਾਂ ਇਨ੍ਹਾਂ ਨੇ ਆਪਣੀ ਸਰਕਾਰ ਸਮੇਂ ਕਿਉਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਦੋਂ ਕਿ ਇਹ ਉਸ ਸਮੇਂ ਆਪ ਖੁਦ ਗ੍ਰਹਿ ਮੰਤਰੀ ਵੀ ਸਨ? ਕਿਉਂ ਸੀ.ਬੀ.ਆਈ. ਨੂੰ ਮਾਮਲਾ ਸੌਂਪਿਆ ਗਿਆ? ਹੁਣ ਸੀ.ਬੀ.ਆਈ. ਨੇ ਕਿਸ ਦੇ ਇਸ਼ਾਰੇ 'ਤੇ ਕਲੋਜ਼ਰ ਰਿਪੋਰਟ ਦਾਖਲ ਕੀਤੀ ਹੈ? ਸੁਖਬੀਰ ਬਾਦਲ ਬਰਗਾੜੀ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਣ ਬੰਦ ਕਰੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। 

ਬਰਗਾੜੀ ਮਾਮਲਿਆਂ ਵਿਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੌਤੀ ਦੇਣ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ 'ਤੇ ਫਿਕਰਮੰਦ ਹੋਣ ਦਾ ਖੇਖਣ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ, ਜੋ ਉਸ ਮੌਕੇ ਸੂਬੇ ਦਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ, ਨੇ ਇਸ ਮਾਮਲੇ ਦੀ ਜਾਂਚ ਖੁਦ ਕਰਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕੋਲ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀ.ਬੀ.ਆਈ. ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬਾਦਲ ਬੁਖਲਾ ਗਿਆ ਜਿਸ ਨਾਲ ਇਸ ਸਮੁੱਚੇ ਮਾਮਲੇ ਵਿਚ ਕਿਸੇ ਪੱਧਰ 'ਤੇ ਸਾਜ਼ਿਸ਼ ਹੋਣ ਦਾ ਸੰਕੇਤ ਮਿਲਦਾ ਹੈ। 

ਕੈਪਟਨ ਨੇ ਕਿਹਾ ਕਿ ਅਕਾਲੀ ਦਲ ਸੀ.ਬੀ.ਆਈ. ਦੀ ਰਿਪੋਰਟ ਨੂੰ ਚੁਣੌਤੀ ਦੇਣ ਦੇ ਫ਼ੈਸਲੇ ਨੂੰ ਅਦਾਲਤ ਵਿਚ ਕਿਵੇਂ ਸਪਸ਼ਟ ਕਰੇਗਾ। ਉਨ੍ਹਾਂ ਨੇ ਸੁਖਬੀਰ 'ਤੇ ਵਰ੍ਹਦਿਆਂ ਆਖਿਆ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ 'ਤੇ ਇਕ ਵਾਰ ਫਿਰ ਸਿਆਸਤ ਖੇਡ ਰਿਹਾ ਹੈ ਜੋ ਅਕਾਲੀ-ਭਾਜਪਾ ਦੇ ਸਾਸ਼ਨ ਕਾਲ ਦੌਰਾਨ ਇਸ ਮੁੱਦੇ 'ਤੇ ਨਿਰਪੱਖ ਅਤੇ ਵਿਸਥਾਰਤ ਜਾਂਚ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੋਂ ਭੱਜ ਗਿਆ ਸੀ।

ਮੁੱਖ ਮੰਤਰੀ ਨੇ ਸੁਖਬੀਰ ਨੂੰ ਆਖਿਆ ਕਿ ਉਹ ਇਹ ਗੱਲ ਨਾ ਭੁੱਲੇ ਕਿ ਜੇ ਉਹ ਹੁਣ ਵੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣਾ ਚਾਹੁੰਦਾ ਹੈ ਤਾਂ ਕੇਂਦਰ ਵਿਚ ਐਨ.ਡੀ.ਏ. ਦੀ ਸਰਕਾਰ ਹੈ ਜਿਸ ਵਿਚ ਅਕਾਲੀ ਦਲ ਵੀ ਭਾਈਵਾਲ ਹੈ। ਉਨ੍ਹਾਂ ਨੇ ਸੁਖਬੀਰ ਨੂੰ ਕਿਹਾ ਕਿ ਉਹ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਗਲਤ ਮੁੱਦੇ ਉਠਾ ਕੇ ਲੋਕਾਂ ਦੇ ਅੱਖੀ ਘੱਟਾ ਪਾਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ। ਮੁੱਖ ਮੰਤਰੀ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ।