ਨੌਜਵਾਨਾਂ ਨੂੰ ਬੇਰੁਜ਼ਗਾਰ ਬਣਾ ਕੇ ਦੇਸ਼ ਦਾ ਭਵਿੱਖ ਬਰਬਾਦ ਕਰ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ - ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਉਮੀਦਵਾਰਾਂ ਦਾ ਗੁਨਾਹ ਕੀ ਹੈ

Rahul Gandhi

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਾ ਕੇ ਦੇਸ਼ ਦੇ ਭਵਿੱਖ ਨੂੰ ਤਬਾਹ ਕਰ ਕੇ ਕਰੋੜਾਂ ਪਰਿਵਾਰਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਰਹੀ ਹੈ।

ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਸਵਾਲ ਨਾ ਕਰੋ, ਆਪਣੀ ਆਵਾਜ਼ ਨਾ ਚੁੱਕੋ, ਸ਼ਾਂਤਮਈ ਵਿਰੋਧ ਨਾ ਕਰੋ, ਨਵੇਂ ਭਾਰਤ 'ਚ ਹੱਕ ਮੰਗਣ 'ਤੇ ਗ੍ਰਿਫਤਾਰੀ ਹੋਵੇਗੀ। ਨੌਜਵਾਨਾਂ ਨੂੰ ਬੇਰੁਜ਼ਗਾਰ ਬਣਾ ਕੇ ਕਰੋੜਾਂ ਪਰਿਵਾਰਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ, ਇਹ ਤਾਨਾਸ਼ਾਹੀ ਸਰਕਾਰ ਦੇਸ਼ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਪੋਸਟ ਕੀਤੀ ਹੈ ਜਿਸ ਵਿੱਚ ਪੈਰਾ ਮਿਲਟਰੀ ਫੋਰਸ ਵਿੱਚ ਨੌਕਰੀ ਲਈ 2018 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੇ ਇਨਸਾਫ਼ ਦੀ ਮੰਗ ਕਰਦੇ ਹੋਏ 46ਵੇਂ ਦਿਨ ਨਾਗਪੁਰ ਤੋਂ ਆਗਰਾ ਤੱਕ ਮਾਰਚ ਕੀਤਾ ਜਿੱਥੇ ਉਨ੍ਹਾਂ ਨੂੰ ਚਾਰ ਬੱਸਾਂ ਵਿੱਚ ਬਿਠਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਿਜਾਇਆ ਗਿਆ।

ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਦੇ ਇਸ ਕਦਮ ਨੂੰ ਨੌਜਵਾਨਾਂ ਨਾਲ ਬੇਇਨਸਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹੀ 'ਤੇ ਉਤਰ ਆਈ ਹੈ ਅਤੇ ਦੇਸ਼ ਦੇ ਭਵਿੱਖ ਨਾਲ ਵੀ ਖਿਲਵਾੜ ਕਰ ਰਹੀ ਹੈ। ਇਹ ਇਨਸਾਫ਼ ਦੀ ਮੰਗ ਕਰ ਰਹੇ ਨੌਜਵਾਨਾਂ ਨਾਲ ਬੇਇਨਸਾਫ਼ੀ ਹੈ ਅਤੇ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਉਮੀਦਵਾਰਾਂ ਦਾ ਕੀ ਗੁਨਾਹ ਹੈ।