ਭਾਜਪਾ ਆਗੂ ਤਰੁਣ ਚੁੱਘ ਦਾ ਪੰਜਾਬ ਸਰਕਾਰ ’ਤੇ ਗੰਭੀਰ ਇਲਜ਼ਾਮ, “ਵਿਰੋਧੀ ਆਗੂਆਂ ਅਤੇ 'ਆਪ' ਵਿਧਾਇਕਾਂ ਦੇ ਫੋਨ ਕੀਤੇ ਜਾ ਰਹੇ ਟੈਪ”
ਕਿਹਾ, ਪੰਜਾਬ ਵਿਚ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ
ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਸਰਕਾਰ ਉਤੇ ਗੰਭੀਰ ਇਲਜ਼ਾਮ ਲਗਾਏ ਹਨ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਡਰਾ-ਧਮਕਾ ਰਹੀ ਹੈ। ਇਸ ਤੋਂ ਇਲਾਵਾ ਵਿਰੋਧੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਮੋਬਾਈਲ ਫ਼ੋਨ ਵੀ ਟੈਪ ਕੀਤੇ ਜਾ ਰਹੇ ਹਨ।
ਇਕ ਵੀਡੀਉ ਸੰਦੇਸ਼ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਵਿਰੋਧੀ ਆਗੂਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਫ਼ੋਨ ਵੀ ਟੈਪ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਉਹ ਖੁਦ ਨਹੀਂ ਲਗਾ ਰਹੇ, ਸਗੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ਼ਰੇਆਮ ਇਲਜ਼ਾਮ ਲਗਾਏ ਹਨ। ਪੰਜਾਬ ਦੀ ਜਨਤਾ ਇਸ ਸਿਆਸੀ ਖੇਡ ਨੂੰ ਬਰਦਾਸ਼ਤ ਨਹੀਂ ਕਰੇਗੀ।
ਤਰੁਣ ਚੁੱਘ ਨੇ ਤੰਜ਼ ਕੱਸਦਿਆਂ ਕਿਹਾ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ‘ਝੂਠੀ ਇਮਾਨਦਾਰੀ’ ਵਾਲੀ ਸਰਕਾਰ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਮਾਫੀਆ ਖਤਮ ਕਰਨ ਦੇ ਨਾਂਅ ’ਤੇ ਆਈ ਸਰਕਾਰ ਗੰਭੀਰ ਦੋਸ਼ ਲੱਗਣ ਦੇ ਬਾਵਜੂਦ ਦੋਸ਼ੀ ਮੰਤਰੀ ਨੂੰ ਬਰਖਾਸਤ ਨਹੀਂ ਕਰ ਰਹੀ। ਸਰਕਾਰ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਮਾਈਨਿੰਗ ਮਾਫੀਆ ਪਹਿਲਾਂ ਵਾਂਗ ਚੱਲ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਪੁਛਿਆ ਕਿ ਮੁੱਖ ਮੰਤਰੀ ਹੁਣ ਦੱਸਣ ਕਿ ਮਾਫੀਆ ਦੇ ਸੂਟਕੇਸ ਕਿਸ ਦੀ ਕੋਠੀ ਵਿਚ ਜਾਂਦੇ ਹਨ। ਭਾਜਪਾ ਆਗੂ ਨੇ ਕਿਹਾ ਕਿ ਆਰ.ਟੀ.ਆਈ. ਕਾਰਕੁਨਾਂ ਵਲੋਂ ਲਾਏ ਦੋਸ਼ਾਂ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।