ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਸਬੰਧੀ ਸੌਂਪਿਆ ਮੰਗ ਪੱਤਰ
ਚੰਡੀਗੜ੍ਹ : ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਇੱਕ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਪੰਜਾਬ ਗੈਂਗਸਟਰਾਂ ਲਈ ਸਵਰਗ ਬਣਦਾ ਜਾ ਰਿਹਾ ਹੈ ਅਤੇ ਅਸੀਂ ਇਨ੍ਹਾਂ ਅਹਿਮ ਮੁੱਦਿਆਂ ਸਬੰਧੀ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰਾਜਪਾਲ ਨਾਲ ਮੁਲਾਕਾਤ ਦੌਰਾਨ ਅਸੀਂ ਕਈ ਅਹਿਮ ਮੁੱਦੇ ਉਠਾਏ ਹਨ। ਜਿਨ੍ਹਾਂ ਵਿੱਚ ਪਿਛਲੇ ਦਿਨਾਂ ਵਿੱਚ ਵੇਖਿਆ ਗਿਆ ਹੈ ਕਿ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕਿਵੇਂ ਕੀਤੀ ਗਈ। ਅਸੀਂ ਚਾਰ-ਪੰਜ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖੇ ਹਨ। ਇਹ ਸਾਰੀਆਂ ਕਾਰਵਾਈਆਂ ਇੱਕ ਰਣਨੀਤੀ ਅਧੀਨ ਕੀਤੀਆਂ ਜਾ ਰਹੀਆਂ ਹਨ।
ਆਤਿਸ਼ੀ ਵੀਡੀਓ ਮਾਮਲੇ ’ਤੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਜਾਂਚ ਵਿੱਚ ਵੀਡੀਓ ਸਹੀ ਪਾਇਆ ਗਿਆ ਹੈ। ਪਰ ਪੰਜਾਬ ਸਰਕਾਰ ਨੇ ਗਲਤ ਤਰੀਕੇ ਨਾਲ ਇਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਜਦਕਿ ਉਸ ਵੀਡੀਓ ਨੂੰ ਸ਼ੇਅਰ ਕਰਨ ਵਾਲਿਆਂ 'ਤੇ ਐੱਫ.ਆਈ.ਆਰ. ਵੀ ਦਰਜ ਕਰ ਦਿੱਤੀ ਗਈ।
ਪੰਜਾਬ ਦੀ ਕਾਨੂੰਨ ਵਿਵਸਥਾ ਦੀ ਬਿਗੜੀ ਹੋਈ ਸਥਿਤੀ ਨੂੰ ਵੀ ਰਾਜਪਾਲ ਦੇ ਸਾਹਮਣੇ ਰੱਖਿਆ ਗਿਆ। ਰੋਜ਼ਾਨਾ ਕਤਲ ਹੋ ਰਹੇ ਹਨ। ਰੰਗਦਾਰੀ ਦੀਆਂ ਕਾਲਾਂ ਆ ਰਹੀਆਂ ਹਨ। ਪੰਜਾਬ ਗੈਂਗਸਟਰਾਂ ਲਈ ਸਵਰਗ ਬਣਦਾ ਜਾ ਰਿਹਾ ਹੈ। ਅਸੀਂ ਇਸ ਮਾਮਲੇ ਵਿੱਚ ਆਪਣੀ ਚਿੰਤਾ ਉਨ੍ਹਾਂ ਦੇ ਸਾਹਮਣੇ ਜ਼ਾਹਰ ਕੀਤੀ। ਨਾਲ ਹੀ ਮੰਗ ਕੀਤੀ ਹੈ ਕਿ ਡੀਜੀਪੀ ਅਤੇ ਹੋਮ ਮੰਤਰੀ ਨੂੰ ਤਲਬ ਕਰਕੇ ਪੁੱਛਿਆ ਜਾਵੇ ਕਿ ਉਨ੍ਹਾਂ ਨੇ ਇਸ ਨਾਲ ਨਜਿੱਠਣ ਲਈ ਕੀ ਕਦਮ ਚੁੱਕੇ ਹਨ।
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਮੁਹਿੰਮ ਚਲਾਈ ਹੈ, ਪਰ ਰਾਜ ਵਿੱਚ ਨਸ਼ੇ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਭਾਜਪਾ ਆਗੂ ਕੇਵਲ ਢਿੱਲੋਂ ਨੇ ਦੱਸਿਆ ਕਿ ਲੁਧਿਆਣਾ ਦੇ ਪਿੰਡ ਸ਼ੇਰੇਵਾਲ ਵਿੱਚ ਇੱਕ ਮਾਂ ਦਾ ਛੇਵਾਂ ਪੁੱਤਰ ਵੀ ਨਸ਼ੇ ਦੀ ਭੇਟ ਚੜ੍ਹ ਗਿਆ ਜਦਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਰੋਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਅੰਦਰ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ।