ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਹੱਥਾਂ 'ਚ ਲੈਣ ਦੀ ਨਹੀਂ ਦਿਤੀ ਜਾਵੇਗੀ ਇਜਾਜ਼ਤ: ਡੀ.ਸੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਾਜ਼ਿਲਕਾ, 26 ਅਗਸਤ (ਵਿਨੀਤ ਅਰੋੜਾ): ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਜ਼ਿਲ੍ਹੇ 'ਚ ਪੂਰੀ ਤਰ੍ਹਾਂ ਅਮਨ...

confrence

ਫਾਜ਼ਿਲਕਾ, 26 ਅਗਸਤ (ਵਿਨੀਤ ਅਰੋੜਾ): ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਜ਼ਿਲ੍ਹੇ 'ਚ ਪੂਰੀ ਤਰ੍ਹਾਂ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਲੋਂ ਨਾਮ ਚਰਚਾ ਘਰਾਂ ਦੇ ਸ਼ਰਧਾਲੂਆਂ ਦਾ ਜ਼ਿਲ੍ਹੇ ਅੰਦਰ ਅਮਨ ਤੇ ਸ਼ਾਂਤੀ ਬਣਾਏ ਰੱਖਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ 'ਤੇ ਧਨਵਾਦ ਕੀਤਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ  ਈਸ਼ਾ ਕਾਲੀਆ ਨੇ ਦਸਿਆ ਕਿ ਉਨ੍ਹਾਂ ਵਲੋਂ ਫਾਜ਼ਿਲਕਾ, ਜਲਾਲਾਬਾਦ ਤੇ ਅਬੋਹਰ ਵਿਖੇ ਦੌਰਾ ਕਰ ਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਭਾਵੇਂ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਜ਼ਿਲ੍ਹੇ ਅੰਦਰ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ ਪਰ ਫਿਰ ਵੀ ਸਿਰਫ਼ ਅਬੋਹਰ ਸ਼ਹਿਰ ਨੂੰ ਸੰਵੇਦਨਸ਼ੀਲ ਦੇਖਦਿਆਂ ਇੱਥੇ ਕਰਫ਼ੀਊ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦਸਿਆ ਕਿ ਜ਼ਿਲ੍ਹੇ ਅੰਦਰ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਅਬੋਹਰ, ਫਾਜ਼ਿਲਕਾ ਤੇ ਜਲਾਲਾਬਾਦ ਦੇ ਉਪਮੰਡਲ ਮੈਜਿਸਟ੍ਰੇਟਾਂ ਅਤੇ 32 ਡਿਊਟੀ ਮੈਜਿਸਟਰੇਟਾਂ ਵਲੋਂ ਚੱਪੇ-ਚੱਪੇ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਅਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨ੍ਹਾਂ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸੂਚਨਾ ਦੀ ਜਾਂਚ ਕੀਤੇ ਬਿਨਾਂ ਜਾਰੀ ਨਾ ਕਰਨ। ਉਨ੍ਹਾਂ ਦਸਿਆ ਕਿ ਹਾਲ ਦੀ ਘੜੀ ਸਿਰਫ ਅਬੋਹਰ ਸ਼ਹਿਰ 'ਚ ਹੀ ਸੰਵੇਦਨਸ਼ੀਲ ਸਥਿਤੀ ਨੂੰ ਦੇਖਦਿਆਂ ਕਰਫ਼ੀਊ ਲਗਾਇਆ ਗਿਆ ਹੈ ਤੇ ਅਗਲੇ ਹਾਲਾਤਾਂ ਦੇ ਮੱਦੇਨਜ਼ਰ ਹੀ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਜ਼ਿਲ੍ਹੇ ਅੰਦਰ ਪਹਿਲਾਂ ਤਰ੍ਹਾਂ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਗ਼ਲਤ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਮੌਜੂਦਾ ਹਾਲਾਤਾਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਮੌਕੇ ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਨੇ ਦਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਪੁਲਿਸ, ਆਰਮੀ ਤੇ ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਤੈਨਾਤ ਕੀਤੀਆਂ ਹੋਈਆਂ ਹਨ, ਜਿਨ੍ਹਾਂ ਵਲੋਂ ਲਗਾਤਾਰ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਕਾਨੂੰਨ ਅਪਣੇ ਹੱਥ ਵਿਚ ਲੈਂਦਾ ਹੈ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।