ਸੀਪੀਆਈ ਵਲੋਂ ਜਲੰਧਰ 'ਚ ਕਾਂਗਰਸ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਦੇ ਸਮਰਥਨ ਦਾ ਐਲਾਨ
PPCC ਅਮਰਿੰਦਰ ਸਿੰਘ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਕੀਤਾ ਸਵਾਗਤ
ਜਲੰਧਰ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਸੰਦਰਭ ਵਿੱਚ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਲੀਡਰਸ਼ਿਪ ਦੀ ਜਲੰਧਰ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੌਜੂਦਾ ਸਿਆਸੀ ਪ੍ਰਸਥਿਤੀਆਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਹੋਇਆ।
ਕਾਂਗਰਸੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਸੀਪੀਆਈ ਨੇ ਕਾਂਗਰਸੀ ਉਮੀਦਵਾਰ ਪ੍ਰੋ. ਕਰਮਜੀਤ ਕੌਰ ਦੇ ਸਮਰਥਨ ਦਾ ਫ਼ੈਸਲਾ ਕੀਤਾ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਦੇਸ਼ ਅੰਦਰ ਫਾਸੀਵਾਦ ਦਾ ਪਸਾਰਾ ਹੋ ਰਿਹਾ ਹੈ ਤੇ ਦੇਸ਼ ਦੇ ਸੰਵਿਧਾਨ ਨੂੰ ਤਹਿਸ ਨਹਿਸ ਕਰਨ ਵੱਲ ਵਧਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ, ਆਰ ਐਸ ਐਸ ਦੇ ਨਿਰਦੇਸ਼ਾਂ ’ਤੇ ਚੱਲਣ ਵਾਲੀ ਮੋਦੀ ਸਰਕਾਰ ਦੇ ਉਕਤ ਕਾਰਿਆਂ ਨੂੰ ਰੋਕਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਜਮਹੂਰੀ ਅਤੇ ਸੈਕੂਲਰ ਤਾਕਤਾਂ ਇੱਕ ਮੰਚ ’ਤੇ ਇਕੱਤਰ ਹੋਣ। ਇਸੇ ਤਰ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣਾ ਬੇਹੱਦ ਜ਼ਰੂਰੀ ਹੈ। ਅਜਿਹੇ 'ਚ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਜਿਤਾਉਣਾ ਜ਼ਰੂਰੀ ਹੋ ਜਾਂਦਾ ਹੈ। ਇਸੇ ਲਈ ਸੀਪੀਆਈ ਨੇ ਫ਼ੈਸਲਾ ਕੀਤਾ ਕਿ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਜਾਵੇ।
ਉਧਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਸੀਪੀਆਈ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਸਮਰਥਨ ਦੇਣ ਲਈ ਧੰਨਵਾਦ ਵੀ ਕੀਤਾ। ਇਸ ਮੀਟਿੰਗ ਵਿੱਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਕਾਂਗਰਸ ਪਾਰਟੀ ਦੇ ਸੂਬਾ ਵਰਕਿੰਗ ਪ੍ਰਧਾਨ ਭਾਰਤ ਭੂਸ਼ਨ ਆਸ਼ੂ, ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ ਪੀ ਆਈ ਦੀ ਨੈਸ਼ਨਲ ਕੌਂਸਲ ਦੇ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਅਤੇ ਸੀ ਪੀ ਆਈ ਦੀ ਨੈਸ਼ਨਲ ਕੌਂਸਲ ਦੇ ਮੈਂਬਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਮੌਜੂਦ ਸਨ।