ਨਿਗਮ ਚੋਣਾਂ ਲਈ ਬਣੀ ਕਮੇਟੀ 'ਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਦੇ ਨਾਮ ਨੇ ਸਿਆਸਤ ਗਰਮਾਈ

ਏਜੰਸੀ

ਖ਼ਬਰਾਂ, ਰਾਜਨੀਤੀ

ਵਿਰੋਧੀ ਪਾਰਟੀਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਦਾਗ਼ੀ ਆਗੂਆਂ ਨੂੰ ਸ਼ਹਿ ਦੇਣ ਦੇ ਲਗਾਏ ਇਲਜ਼ਾਮ 

Hardial Singh Kamboj

ਜਿਸ ਆਗੂ 'ਤੇ ਕੇਸ ਉਸ ਨੂੰ ਕਾਂਗਰਸ ਨੇ ਦਿੱਤਾ ਮਾਣ?
ਮੋਹਾਲੀ :
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਗਰਮਾ ਗਈ ਹੈ। ਦਰਅਸਲ ਪੰਜਾਬ ਕਾਂਗਰਸ ਵਲੋਂ ਨਗਰ ਨਿਗਮ ਲੁਧਿਆਣਾ ਲਈ ਇੱਕ ਕਮੇਟੀ ਬਣਾਈ ਹੈ ਜਿਸ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਸਵਾਲ ਚੁੱਕੇ ਜਾ ਰਹੇ ਹਨ ਕਿਉਂਕਿ ਸਾਬਕਾ ਵਿਧਾਇਕ ਹਰਦਿਆਲ ਕੰਬੋਜ 'ਤੇ ਇੱਕ ਪੱਤਰਕਾਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਇਲਜ਼ਾਮ ਲੱਗੇ ਹਨ।

ਦੱਸ ਦੇਈਏ ਕਿ 11 ਨਵੰਬਰ ਨੂੰ ਰਾਜਪੁਰਾ ਵਿਚ ਇੱਕ ਸੀਨੀਅਰ ਪੱਤਰਕਾਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਅਤੇ ਉਸ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਸੀ ਜਿਸ ਵਿਚ ਹਰਦਿਆਲ ਸਿੰਘ ਕੰਬੋਜ ਸਮੇਤ ਅੱਧਾ ਦਰਜਨ ਦੇ ਕਰੀਬ ਲੋਕਾਂ ਦੇ ਨਾਮ ਮਿਲੇ ਸਨ। ਉਕਤ ਸਾਰੇ ਮੁਲਜ਼ਮ ਫਰਾਰ ਹਨ ਅਤੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਗ੍ਰਿਫਤਾਰੀ ਤੋਂ ਬਚਨ ਲਈ ਪੇਸ਼ਗੀ ਜ਼ਮਾਨਤ ਲਈ ਪਟਿਆਲਾ ਜ਼ਿਲ੍ਹਾ ਅਦਾਲਤ ਵਿਖੇ ਅਰਜ਼ੀ ਵੀ ਦਾਇਰ ਕੀਤੀ ਹੈ।

ਹੁਣ ਉਨ੍ਹਾਂ ਦੀ ਕਾਂਗਰਸ ਵਲੋਂ ਬਣਾਈ ਕਮੇਟੀ ਵਿਚ ਹੋਈ ਚੋਣ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਬੀਤੇ ਤੋਂ ਕੋਈ ਸਬਕ ਨਹੀਂ ਸਿੱਖਿਆ ਸਗੋਂ ਕਾਂਗਰਸ ਪ੍ਰਧਾਨ ਦਾਗ਼ੀਆਂ ਨੂੰ ਥਾਪੜਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਜਿਹੀ ਕਾਰਗੁਜ਼ਾਰੀ ਕਾਂਗਰਸ ਪ੍ਰਧਾਨ ਵੜਿੰਗ ਦੇ ਵਿਵਹਾਰ 'ਤੇ ਵੀ ਧੱਬਾ ਲੱਗਾ ਰਹੀ ਹੈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਰਜਵਾੜਿਆਂ ਦੇ ਹੱਕ ਵਿਚ ਡਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਉਸ ਵਿਅਕਤੀ ਨੂੰ ਦੁਬਾਰਾ ਤਾਕਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਪਹਿਲਾਂ ਹੀ ਵਿਵਾਦਾਂ ਵਿਚ ਘਿਰਿਆ ਹੋਇਆ ਹੈ। 

ਦੱਸ ਦੇਈਏ ਕਿ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਪੰਜ-ਪੰਜ ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੁਧਿਆਣਾ ਲਈ ਬਣਾਈ ਕਮੇਟੀ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।