ਕਮਜ਼ੋਰ ਮੁੱਖ ਮੰਤਰੀ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ ਪੰਜਾਬ ਦਾ ਕਿਸਾਨ-ਭਗਵੰਤ ਮਾਨ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਸੰਵਿਧਾਨ ਦਿਵਸ ਉੱਤੇ ਕਿਸਾਨਾਂ ਤੋਂ ਸੰਵਿਧਾਨਿਕ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਹੱਕ ਖੋਹਣਾ ਅਤਿ ਨਿੰਦਣਯੋਗ 

Bhagwant Mann

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵਲੋਂ ਕਿਸਾਨਾਂ ਉੱਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਅਤਿ ਨਿੰਦਣ ਯੋਗ ਹੈ ਅਤੇ ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ। 

ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪਰ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਉੱਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐੱਮਐੱਸਪੀ ਦੀ  ਗਰੰਟੀ ਦਿਵਾਉਣ ਲਈ ਹਰ ਪੱਧਰ ਉਤੇ ਅੰਦੋਲਨਾਂ ਲਈ ਮੈਦਾਨ ਵਿਚ ਡਟੇਗੀ।

ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ। 

ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐੱਮਐੱਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ ਸੋ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।

ਮਾਨ ਨੇ ਕਿਹਾ ਕਿ ਪਹਿਲਾ ਕੋਰੋਨਾ ਕਾਰਨ ਅਤੇ ਬਾਅਦ ਵਿਚ ਮੋਦੀ ਸਰਕਾਰ ਦੀ ਅੜੀ ਅਤੇ ਕੈਪਟਨ ਦੀ ਕਮਜ਼ੋਰੀ ਕਰਕੇ ਹੀ ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਨਾਲ ਪੰਜਾਬ ਦਾ ਬੁਰਾ ਹਾਲ ਹੋਇਆ ਹੈ ਵਪਾਰੀਆਂ ਦਾ ਸਾਰਾ ਧੰਦਾ ਚੌਪਟ ਹੋ ਗਿਆ ਹੈ ਤੇ ਮਜ਼ਦੂਰ ਦੋ ਵਕਤ ਦੀ ਰੋਟੀ ਲਈ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਕਿਸਾਨ ਮਜ਼ਦੂਰ ਸੰਘਰਸ਼ ਅਤੇ ਵਪਾਰੀਆਂ ਦੀ ਦੁਰਦਸ਼ਾ ਲਈ ਮੋਦੀ ਅਤੇ ਕੈਪਟਨ ਬਰਾਬਰ ਦੇ ਜ਼ਿੰਮੇਵਾਰ ਹਨ। ਜੇਕਰ ਮੋਦੀ ਕਿਸਾਨਾਂ ਦੀ ਆਵਾਜ਼ ਨੂੰ ਸੁਣ ਕੇ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਲੱਭ ਲੈਂਦੇ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਸਹੀ ਢੰਗ ਨਾਲ ਪਹੁੰਚਾਉਣ ਵਿੱਚ ਸਫ਼ਲ ਹੁੰਦੇ ਤਾਂ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਦਿਨ ਨਾ ਵੇਖਣੇ ਪੈਂਦੇ ਅਤੇ ਸੂਬੇ ਦਾ ਵਪਾਰੀ ਬੇਹਾਲ ਨਾ ਹੁੰਦਾ।