ਲਾਲ ਕਿਲ੍ਹੇ ‘ਚ ਦਾਖਲ ਹੋਏ ਪ੍ਰਦਰਸ਼ਨਕਾਰੀ BJP ਏਜੰਟ, ਹਿੰਸਾ ਲਈ ਅਮਿਤ ਸ਼ਾਹ ਜ਼ਿੰਮੇਵਾਰ- ਪੀ ਚਿਦੰਬਰਮ

ਏਜੰਸੀ

ਖ਼ਬਰਾਂ, ਰਾਜਨੀਤੀ

ਦਿੱਲੀ ਹਿੰਸਾ ਲਈ ਕਾਂਗਰਸ ਨੇ ਅਮਿਤ ਸ਼ਾਹ ਦੇ ਅਸਤੀਫੇ ਦੀ ਕੀਤੀ ਮੰਗ

P. Chidambaram

ਨਵੀਂ ਦਿੱਲੀ: ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਲਈ ਕਾਂਗਰਸ ਨੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਇਸ ਘਟਨਾ ਲਈ ਸਿੱਧੇ ਤੌਰ ‘ਤੇ ਅਮਿਤ ਸ਼ਾਹ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਲਾਲ ਕਿਲ੍ਹੇ ਵਿਚ ਦਾਖਲ ਹੋਏ ਪ੍ਰਦਰਸ਼ਨਕਾਰੀ ਭਾਜਪਾ ਦੇ ਏਜੰਟ ਸਨ। ਇਸ ਲਈ ਹਿੰਸਾ ਲਈ ਅਮਿਤ ਸ਼ਾਹ ਜ਼ਿੰਮੇਵਾਰ ਹੈ।

ਕਾਂਗਰਸ ਆਗੂ ਨੇ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ। ਪ੍ਰਕਾਸ਼ ਜਾਵੇਡਕਰ ਵੱਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਣ ਦੀ ਗੱਲ ‘ਤੇ ਚਿਦੰਬਰਮ ਨੇ ਕਿਹਾ ਕਿ ‘ਪ੍ਰਸਾਰਣ ਮੰਤਰੀ ਨੂੰ ਗਲਤ ਜਾਣਕਾਰੀ ਨੂੰ’ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਦੱਸ ਦਈਏ ਕਿ ਬੀਤੇ ਦਿਨ ਪ੍ਰਕਾਸ਼ ਜਾਵੇਡਕਰ ਨੇ ਕਿਹਾ ਸੀ, ‘ਕੱਲ੍ਹ ਦਿੱਲੀ ਵਿਚ ਜਿਸ ਤਰ੍ਹਾਂ ਹਿੰਸਾ ਹੋਈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਜਿਨ੍ਹਾਂ ਨੇ ਉਕਸਾਇਆ, ਉਹਨਾਂ ਸਾਰਿਆਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਲਾਲ ਕਿਲ੍ਹੇ ‘ਤੇ ਤਿਰੰਗੇ ਦਾ ਅਪਮਾਨ ਹੋਇਆ ਹੈ, ਇਹ ਅਪਮਾਨ ਹਿੰਦੁਸਤਾਨ ਸਹਿਣ ਨਹੀਂ ਕਰੇਗਾ।

ਪ੍ਰਕਾਸ਼ ਜਾਵੇਡਕਰ ਨੇ ਕਿਹਾ ਸੀ ਕਿ ਕਾਂਗਰਸ ਨੇ ਲਗਾਤਾਰ ਕਿਸਾਨਾਂ ਨੂੰ ਉਕਸਾਉਣ ਦਾ ਕੰਮ ਕੀਤਾ ਹੈ। ਇਸ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ ਕਿ ਪੀਐਮ ਮੋਦੀ ਨੂੰ ਅਮਿਤ ਸ਼ਾਹ ਨੂੰ ਬਰਖਾਸਤ ਕਰਨਾ ਚਾਹੀਦਾ ਹੈ।