ਬਜਟ ਤੋਂ ਪਹਿਲਾਂ ਨਿਰਮਲਾ ਸੀਤਾਰਮਣ ਨੇ ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਨਵੀਂ ਸਰਕਾਰ ਦੇ ਬਜਟ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ 2.0 ਪੰਜ ਜੁਲਾਈ ਨੂੰ ਬਜਟ ਪੇਸ਼ ਕਰਨ ਜਾ ਰਹੀ ਹੈ। 

Nirmala Sitharaman Meets Manmohan Singh

ਨਵੀਂ ਦਿੱਲੀ: ਨਵੀਂ ਸਰਕਾਰ ਦੇ ਬਜਟ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ 2.0 ਪੰਜ ਜੁਲਾਈ ਨੂੰ ਬਜਟ ਪੇਸ਼ ਕਰਨ ਜਾ ਰਹੀ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬਜਟ ਤੋਂ ਪਹਿਲਾਂ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸੀਤਾਰਮਨ ਪੰਜ ਜੁਲਾਈ ਨੂੰ ਲੋਕ ਸਭਾ ਵਿਚ ਅਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।

ਮਨਮੋਹਨ ਸਿੰਘ ਪ੍ਰਸਿੱਧ ਅਰਥਸ਼ਾਸਤਰੀ ਹੋਣ ਦੇ ਨਾਲ ਨਾਲ ਦੇਸ਼ ਦੇ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ। ਉਹ 1991 ਤੋਂ ਲੈ ਕੇ 1996 ਤੱਕ ਪ੍ਰਧਾਨ ਮੰਤਰੀ ਨਰਸਿਮ੍ਹਾ ਰਾਓ ਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਸਨ। ਇਸ ਮੁਲਾਕਾਤ ਨੂੰ ਲੈ ਕੇ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ। ਇਸ ਮੁਲਾਕਾਤ ਦੌਰਾਨ ਹੋਈ ਗੱਲਬਾਤ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

ਹਾਲਾਂਕਿ ਨਵੀਂ ਸਰਕਾਰ ਦੇ ਪਹਿਲੇ ਆਮ ਬਜਟ ਤੋਂ ਪਹਿਲਾਂ ਇਹ ਮੁਲਾਕਾਤ ਹੋਈ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਹ ਗੱਲਬਾਤ ਅਰਥ ਵਿਵਸਥਾ ਨੂੰ ਲੈ ਕੇ ਹੋਈ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਹਾਲਾਂਕਿ ਇਹ ਆਮ ਮੁਲਾਕਾਤ ਸੀ ਪਰ ਵਿੱਤ ਮੰਤਰੀ ਨੇ ਅਰਥਵਿਵਸਥਾ ਨੂੰ ਵਾਪਸ ਵਿਕਾਸ ਦੇ ਰਾਹ ‘ਤੇ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਹੋਵੇਗਾ। ਦੱਸ ਦਈਏ ਕਿ ਮਨਮੋਹਨ ਸਿੰਘ 1982 ਤੋਂ ਲੈ ਕੇ 1985 ਤੱਕ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ 1985 ਤੋਂ ਲੈ ਕੇ 1987 ਤੱਕ ਯੋਜਨਾ ਆਯੋਗ ਦੇ ਉਪ ਪ੍ਰਧਾਨ ਰਹੇ ਹਨ।