ਕੈਪਟਨ ਵਲੋਂ ਕੇਜਰੀਵਾਲ ਨੂੰ ਪਰਾਲੀ ਮੁੱਦੇ ਦਾ ਸਿਆਸੀਕਰਨ ਨਾ ਕਰਨ ਦੀ ਅਪੀਲ
ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ
ਚੰਡੀਗੜ੍ਹ, 14 ਨਵੰਬਰ (ਸਸਸ): ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੰਭੀਰ ਮੁੱਦੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨ ਦੀ ਕੀਤੀ ਗਈ ਮੁੜ ਮੰਗ ਸਬੰਧੀ ਕੀਤੇ ਟਵੀਟ ਬਾਰੇ ਮੀਡੀਆ ਰਿਪੋਰਟਾਂ 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਦਿੱਲੀ ਦਾ ਮੁੱਖ ਮੰਤਰੀ ਇਸ ਮੀਟਿੰਗ ਲਈ ਕਿਉਂ ਦਬਾਅ ਪਾ ਰਿਹਾ ਹੈ ਜਦਕਿ ਉਸ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਇਸ ਤਰ੍ਹਾਂ ਦਾ ਵਿਚਾਰ-ਵਟਾਂਦਰਾ ਫ਼ਜ਼ੂਲ ਅਤੇ ਅਰਥਹੀਣ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਸੌੜੀ ਸਿਆਸਤ ਕਰਨ ਦਾ ਰੁਝਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇਹ ਆਗੂ ਜਾਣ-ਬੁਝ ਕੇ ਦਿੱਲੀ ਵਿਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਵਿਚ ਅਪਣੀ ਸਰਕਾਰ ਦੇ ਅਸਫ਼ਲ ਰਹਿਣ ਦੇ ਕਾਰਨ ਲੋਕਾਂ ਦਾ ਧਿਆਨ ਦੂਜੇ ਪਾਸੇ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਥੋਂ ਤਕ ਕਿ ਆਡ-ਈਵਨ ਨੰਬਰਾਂ ਵਾਲੀ ਸਕੀਮ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਰੁਖ਼ ਨਾਲ ਉਹ ਪੂਰੀ ਤਰ੍ਹਾਂ ਬੇਪਰਦ ਹੋ ਗਿਆ ਹੈ।