2019 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਤ ਹੋਵੇਗਾ : ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਤ 2019 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ........

Tripat Rajinder Singh Bajwa

ਬਟਾਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਤ 2019 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਲੜੀ ਤਹਿਤ ਗੁਰਦਾਸਪੁਰ ਵਿਚ 965 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ 2019 ਵਿਚ ਨੇਪਰੇ ਚਾੜੇ ਜਾਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਦੇ ਨੇੜੇ ਪਿੰਡ ਕੋਟਲੀ ਨੰਗਲ ਵਿਖੇ ਕਰੀਬ 400 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸਥਾਪਤ ਕੀਤਾ ਜਾਵੇਗਾ।

ਬਟਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਨਗਰ ਕੌਂਸਲਾਂ ਦੇ ਸਰਬਪੱਖੀ ਵਿਕਾਸ ਲਈ 9 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕਲਾਨੌਰ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਡਿਗਰੀ ਕਾਲਜ ਸਥਾਪਤ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਦੀਆਂ ਸੰਪਰਕ ਸੜਕਾਂ ਉਤੇ 56.6 ਕਰੋੜ ਖਰਚੇ ਜਾਣਗੇ ਅਤੇ 9 ਕਰੋੜ ਦੀ ਲਾਗਤ ਨਾਲ ਪੁਲ ਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਡੇਰਾ ਬਾਬਾ ਨਾਨਕ ਦੀ ਮੰਡੀ ਦਾ 10.7 ਰੁਪਏ  ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ 203.9 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ (ਡੇਰਾ ਬਾਬਾ ਨਾਨਕ ਤੋਂ ਇਲਾਵਾ) ਉਤੇ 31.4 ਕਰੋੜ ਰੁਪਏ ਖਰਚ ਕੀਤੇ ਜਾਣਗੇ। ਬਾਜਵਾ ਨੇ ਅੱਗੇ ਕਿਹਾ ਕਿ ਬਟਾਲਾ ਅਤੇ ਡੇਰਾ ਬਾਬਾ ਨਾਨਕ ਬਲਾਕ ਦੇ 40 ਪਿੰਡਾਂ ਅੰਦਰ 61 ਕਰੋੜ ਰੁਪਏ ਖਰਚ ਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸੇ ਤਰਾਂ 98 ਕਰੋੜ ਦੀ ਲਾਗਤ ਨਾਲ 58 ਪਿੰਡਾਂ ਅੰਦਰ ਪੀਣਯੋਗ ਪਾਣੀ ਦਿਤਾ ਜਾਵੇਗਾ। ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਘੁਮਾਣ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ ਦੇ ਵਿਕਾਸ ਕੰਮ ਕੀਤੇ ਜਾਣਗੇ।

ਇਸੇ ਤਰਾਂ 9.2 ਕਰੋੜ ਰੁਪਏ ਦੀ ਲਾਗਤ ਨਾਲ 34 ਪਿੰਡ, ਜਿਥੇ ਹੈਂਡ ਪੰਪ ਹਨ ਉਥੇ ਵਾਟਰ ਸਪਲਾਈ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਦਸੰਬਰ 2019 ਤਕ ਗੁਰਦਾਸਪੁਰ ਅੰਦਰ 16 ਕਰੋੜ ਰੁਪਏ ਦੀ ਲਾਗਤ ਨਾਲ 103 ਪਿੰਡਾਂ ਅੰਦਰ ਵਾਟਰ-ਸਪਲਾਈ ਸਿਸਟਮ ਚਾਲੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗੀ। 

ਬਾਜਵਾ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਲੋਂ ਪਿੰਡ ਚਾਹਲ ਕਲਾਂ (ਸ੍ਰੀ ਅੱਚਲ ਸਾਹਿਬ) ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਪੱਖੋਕੇ ਡੇਰਾ ਬਾਬਾ ਨਾਨਕ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਬਾਜਵਾ ਨੇ ਕਿਹਾ ਕਿ ਸਾਲ 2019 ਵਿਚ ਵਿਕਾਸ ਪਖੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੀ ਨੁਹਾਰ ਬਦਲੀ ਜਾਵੇਗੀ ਅਤੇ 2019 ਨੂੰ ਵਿਕਾਸ ਵਰ੍ਹੇ ਵਜੋਂ ਯਾਦ ਕੀਤਾ ਜਾਇਆ ਕਰੇਗਾ।