ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੇਸ਼ ਕੀਤਾ ਆਪਣਾ 100 ਦਿਨਾਂ ਦਾ ਰਿਪੋਰਟ ਕਾਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਅਪਣੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ।

Chief Minister Charanjit Singh Channi

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਅਪਣੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 100 ਦਿਨਾਂ ਵਿਚ ਲਏ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ। ਸੂਬੇ ਦੇ ਸਾਰੇ ਲੋਕਾਂ ਦੇ ਵਧੇਰੇ ਮਸਲੇ ਹੱਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਜਲੀ ਸਮਝੌਤੇ ਰੱਦ ਕੀਤੇ ਹਨ। ਬਿਜਲੀ ਦੇ ਸਾਰੇ ਪੁਰਾਣੇ ਬਕਾਏ ਮੁਆਫ ਕਰ ਦਿੱਤੇ ਗਏ ਹਨ, ਜਿਸ ਨਾਲ 20 ਲੱਖ ਪਰਿਵਾਰਾਂ ਨੂੰ ਫਾਇਦਾ ਹੋਇਆ ਹੈ। ਪੰਜਾਬ ਭਰ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਪਾਣੀ ਦੇ ਬਿੱਲ ਵੀ ਮੁਆਫ਼ ਕੀਤੇ ਗਏ ਹਨ।

Chief Minister Charanjit Singh Channi

ਇਸ ਦੇ ਨਾਲ ਹੀ ਸੀਐਮ ਚੰਨੀ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਆਰੋਪ ਲਾਇਆ ਕਿ ਭਾਜਪਾ ਦੇ ਦਬਾਅ ਕਾਰਨ ਰਾਜਪਾਲ ਫਾਈਲ ਕਲੀਅਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੰਤਰੀਆਂ ਸਮੇਤ ਰਾਜਪਾਲ ਨੂੰ ਮਿਲਣਗੇ। ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਧਰਨਾ ਵੀ ਦੇਣਾ ਪਿਆ ਤਾਂ ਅਸੀਂ ਦੇਵਾਂਗੇ। ਵਿਦਿਆਰਥੀਆਂ ਲਈ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਜਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਹੂਲਤ ਦਿੱਤੀ ਜਾਵੇਗੀ।

Punjab Chief Minister Charanjit Singh Channi

ਇਹ ਫੈਸਲਾ ਅੱਜ ਤੋਂ ਹੀ ਲਾਗੂ ਹੋਵੇਗਾ। ਵਿਦਿਆਰਥੀਆਂ ਨੂੰ ਬੱਸ ਪਾਸ ਬਣਾਉਣ ਲਈ 31 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ, ਉਦੋਂ ਤੱਕ ਵਿਦਿਆਰਥੀ ਆਈ ਕਾਰਡ ਦਿਖਾ ਕੇ ਬੱਸ ਵਿਚ ਸਫ਼ਰ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਕਿਸਾਨ ਸਮਾਰਕ ਬਣਾਇਆ ਜਾਵੇਗਾ। ਜਿਸ ਦੇ ਲਈ ਗਿੱਦੜਬਾਹਾ ਵਿਚ ਥਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਦੀਵੀਂ ਯਾਦਗਾਰ ਬਣਾਈ ਜਾਵੇਗੀ।

Punjab Chief Minister Charanjit Singh Channi

ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲੜਾਈ ਵਿਚ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਪੰਜਾਬ ਦੀਆਂ ਮਾਵਾਂ ਦੀਆਂ ਕੁੱਖਾਂ ਉਜਾੜਨ ਅਤੇ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚੋਂ ਭੱਜਣ ਨਹੀਂ ਦੇਵਾਂਗੇ। ਕਾਨੂੰਨ ਅਪਣਾ ਕੰਮ ਕਰੇਗਾ। ਪਾਰਟੀ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੰਜਾਬ ਸਰਕਾਰ ਖਿਲਾਫ ਬਿਆਨਬਾਜ਼ੀ ਕਰਨ ਦੇ ਸਵਾਲ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ। ਮੈਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਿਹਾ ਹਾਂ। ਪਾਰਟੀ ਨੇ ਸਰਕਾਰ ਨੂੰ ਖੜ੍ਹਾ ਕਰਨਾ ਹੈ। ਪਾਰਟੀ ਦੀ ਖਾਤਰ ਮੈਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ।