328 ਸਰੂਪਾਂ ਦੇ ਮਾਮਲੇ 'ਚ 16 ਹੋਰ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ: ਕੁਲਦੀਪ ਧਾਲੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ - ਪੰਨੂ

Lookout circular issued against 16 more accused in 328 Saroopan case: Kuldeep Dhaliwal

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ।

'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀਆਂ ਰਹੀਆਂ ਹਨ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ ਹਨ। ਸਿੱਖ ਪੰਥ ਦੇ ਪ੍ਰਸਿੱਧ ਕੀਰਤਨਕਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਵੀ ਵੱਡੀ ਲਾਮਬੰਦੀ ਹੋਈ ਸੀ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ। ਧਾਲੀਵਾਲ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਦੂਜੇ ਪਾਸੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਮਾਨਯੋਗ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸਬੰਧਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਅਤੇ ਐਸਆਈਟੀ ਦਾ ਗਠਨ ਕੀਤਾ ਗਿਆ। ਪੰਨੂ ਨੇ ਦੱਸਿਆ ਕਿ ਸਾਰੇ 16 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫ਼ਤਾਰੀ ਵਾਰੰਟ ਪਹਿਲਾਂ ਹੀ ਜਾਰੀ ਸਨ, ਜੋ ਪੁਲਿਸ ਤੋਂ ਬਚਦੇ ਹੋਏ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਰੁਕਿਆ ਹੋਇਆ ਸੀ।

ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਦੀ ਜਾਂਚ ਜਾਰੀ ਹੈ, ਉਮੀਦ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ, ਕਿਉਂਕਿ ਐਸਜੀਪੀਸੀ ਦਾ ਆਡਿਟ ਵੀ ਇਹੀ ਸੀਏ ਕਰਦਾ ਰਿਹਾ ਹੈ।