ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੈਣੀ ਤੇ ਉਮਰਾਨੰਗਲ ਨੂੰ ਮਿਲੀ ਅਗਾਊਂ ਜ਼ਮਾਨਤ
8 ਮਾਰਚ ਨੂੰ ਹੇਠਲੀ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਵਾਂ ਨੂੰ 8 ਮਾਰਚ ਤਕ ਹੇਠਲੀ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਇੱਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇ ਮੁਕੱਦਮੇ ਤਕ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫ਼ਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ। ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਦੋਹਾਂ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ 8 ਮਾਰਚ ਤਕ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਕਾਬਲੇਗੌਰ ਹੈ ਕਿ 1 ਜੂਨ 2015 ਨੂੰ ਕੋਟਕਪੂਰਾ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀ ਘਟਨਾ ਵਾਪਰੀ ਸੀ। ਚੋਰੀ ਹੋਏ ਸਰੂਪਾਂ ਦੇ ਅੰਗ ਬਾਅਦ 'ਚ 12 ਅਕਤੂਬਰ 2015 ਨੂੰ ਬਰਗਾੜੀ ਪਿੰਡ ਵਿਚੋਂ ਮਿਲੇ। ਇਸ ਤੋਂ ਬਾਅਦ 14 ਅਕਤੂਬਰ 2015 ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।
ਉਸ ਸਮੇਂ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ ਜਿਸ ਨੇ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ ਕੀਤਾ ਸੀ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਜਿਨ੍ਹਾਂ ਉੱਤੇ ਸਵਾਲ ਖੜੇ ਹੋਏ ਸਨ। ਇਸ ਮਾਮਲੇ ਤੋਂ ਬਾਅਦ ਜਾਂਚ ਵਿਚ ਤਤਕਾਲੀਨ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਦੋਸ਼ੀ ਕਰਾਰ ਕਰਦੇ ਹੋਏ ਕਾਰਵਾਈ ਅਰੰਭੀ ਗਈ। ਇਹ ਮਾਮਲਾ ਅਜੇ ਵਿਚ ਅਦਾਲਤ ਵਿਚ ਚੱਲ ਰਿਹਾ ਹੈ।