ਪੰਜਾਬ 'ਚ ਸ਼ੁਰੂ ਹੋਇਆ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ, ਕਾਂਗਰਸੀ ਸਾਂਸਦ ਨੇ ਵੀ ਲਗਵਾਇਆ ਟੀਕਾ
ਨਿੱਜੀ ਹਸਪਤਾਲ ਵਿਚ 250 ਰੁਪਏ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਟੀਕਾ ਲਗਾਇਆ ਜਾਵੇਗਾ।
ਚੰਡੀਗੜ੍ਹ : ਪੂਰੇ ਦੇਸ਼ ਦੇ ਨਾਲ ਨਾਲ ਅੱਜ ਪੰਜਾਬ ਭਰ ਵਿਚ ਵੀ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਜਿਸ ਤਹਿਤ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ ਹੋਰ ਵੱਖ ਵੱਖ ਥਾਵਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖ਼ੁਦ ਟੀਕੇ ਲਗਵਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
corona vaccine
ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਅੱਜ ਡੀਸੀ ਵਰਿੰਦਰ ਸ਼ਰਮਾ ਵੱਲੋਂ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਕਈ ਲੋਕਾਂ ਨੂੰ ਇੰਜੈਕਸ਼ਨ ਲਗਵਾਏ ਗਏ। ਡੀਸੀ ਵਰਿੰਦਰ ਸ਼ਰਮਾ ਨੇ ਆਖਿਆ ਕਿ ਜੇਕਰ ਲੋਕ ਮੋਬਾਇਲ ਐਪ ਰਾਹੀਂ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੇ ਤਾਂ ਉਹ ਸਿੱਧਾ ਹਸਪਤਾਲ ਆ ਕੇ ਅਪਣਾ ਮੋਬਾਇਲ ਨੰਬਰ ਅਤੇ ਆਈਡੀ ਪਰੂਫ਼ ਦੇ ਕੇ ਸਿੱਧਾ ਟੀਕਾਕਰਨ ਕਰਵਾ ਸਕਦੇ ਨੇ।
ਅੰਮ੍ਰਿਤਸਰ ਦੇ ਰਣਜੀਤ ਅਵੈਨਿਊ ਵਿਖੇ ਕਾਂਗਰਸੀ ਸਾਂਸਦ ਗੁਰਜੀਤ ਸਿੰੰਘ ਔਜਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਨੇ ਕੋਰੋਨਾ ਵੈਕਸੀਨ ਲਗਵਾਉਣ ਮਗਰੋਂ ਗੱਲਬਾਤ ਕਰਦਿਆਂ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ।
ਇਸੇ ਤਰ੍ਹਾਂ ਜਲੰਧਰ ਵਿਚ ਵੀ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ 60 ਸਾਲ ਤੋਂ ਉਪਰ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਟੀਕੇ ਲਗਾਏ ਗਏ।
ਜਲੰਧਰ ਪ੍ਰਸਾਸ਼ਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਲੀ ਦੇ ਏਮਜ਼ ਵਿਖੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਨਿੱਜੀ ਹਸਪਤਾਲ ਵਿਚ 250 ਰੁਪਏ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਟੀਕਾ ਲਗਾਇਆ ਜਾਵੇਗਾ।