ਪ੍ਰਸ਼ਾਂਤ ਕਿਸ਼ੋਰ ਬਣੇ CM ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ, ਟਵੀਟ ਜ਼ਰੀਏ ਸਾਂਝੀ ਕੀਤੀ ਜਾਣਕਾਰੀ
ਦੇਸ਼ ਦੇ ਪ੍ਰਮੁੱਖ ਚੋਣ ਰਣਨੀਤੀਕਾਰ ਵਜੋਂ ਜਾਣੇ ਜਾਂਦੇ ਹਨ ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਜ਼ਰੀਏ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਟਵੀਟ ਵਿਚ ਲਿਖਿਆ ਹੈ, ਮੈਨੂੰ ਇਹ ਗੱਲ ਸ਼ੇਅਰ ਕਰਦਿਆਂ ਖੁਸ਼ੀ ਹੋ ਰਹੀ ਹੈ ਪ੍ਰਸ਼ਾਂਤ ਕਿਸ਼ੋਰ ਮੇਰੇ ਨਾਲ ਪ੍ਰਮੁੱਖ ਸਲਾਹਕਾਰ ਵਜੋਂ ਜੁੜ ਰਹੇ ਹਨ। ਉਮੀਦ ਹੈ, ਅਸੀਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਇਕੱਠੇ ਮਿਲ ਕੇ ਕੰਮ ਕਰਨ 'ਚ ਸਫਲ ਹੋਵਾਂਗੇ।"
ਕਾਬਲੇਗੌਰ ਹੈ ਕਿ ਅਗਲੇ ਸਾਲ ਫਰਵਰੀ ਮਹੀਨੇ ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਪੰਜਾਬ ਸਰਕਾਰ ਦਾ ਅਖੀਰਲਾ ਬਜਟ ਇਜਲਾਸ ਜਾਰੀ ਹੈ। ਚੱਲ ਰਹੇ ਕਿਸਾਨੀ ਅੰਦੋਲਨ ਦੇ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਵੱਡਾ ਅਸਰ ਪਾਉਣ ਦੀ ਉਮੀਦ ਹੈ। ਕਿਸਾਨਾਂ ਦੇ ਹੱਕ ਵਿਚ ਡੱਟਣ ਕਾਰਨ ਪੰਜਾਬ ਸਰਕਾਰ ਨੂੰ ਆਉਂਦੀਆਂ ਚੋਣਾਂ ਦੌਰਾਨ ਕੁੱਝ ਚੰਗਾ ਹੋਣ ਦੀ ਉਮੀਦ ਹੈ।
ਭਾਵੇਂ ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਨਾਲ ਖੜਣ ਦੀ ਹਾਮੀ ਭਰੀ ਜਾ ਰਹੀ ਹੈ ਅਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਰਹਿਣ-ਸਹਿਣ ਵਿਚ ਮੱਦਦ ਵੀ ਕੀਤੀ ਜਾ ਰਹੀ ਹੈ, ਪਰ ਬੀਤੇ ਦਿਨੀਂ ਹੋਈਆਂ ਪੰਜਾਬ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ, ਭਾਜਪਾ ਅਤੇ ਬਾਕੀ ਧਿਰਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਸ਼੍ਰੋਮਣੀ ਅਕਾਲੀ ਦਲ ਭਾਵੇਂ ਕੁੱਝ ਸੀਟਾਂ ਜਿੱਤਣ ਵਿਚ ਕਾਮਯਾਬ ਰਿਹਾ ਹੈ, ਪਰ ਕਿਸਾਨੀ ਸੰਘਰਸ਼ ਕਾਰਨ ਬਦਲ ਰਹੇ ਸਿਆਸੀ ਸਮੀਕਰਨਾਂ ਤੋਂ ਸੱਤਾਧਾਰੀ ਧਿਰ ਨੂੰ ਖਾਸੀਆਂ ਉਮੀਦਾਂ ਹਨ। ਪ੍ਰਸ਼ਾਂਤ ਕਿਸ਼ੋਰ ਦੀ ਚੋਣ ਰਣਨੀਤੀਕਾਰ ਵੱਜੋਂ ਚੰਗੀ ਪਛਾਣ ਹੈ।
ਹਾਲ ਦੀ ਘੜੀ ਪ੍ਰਸ਼ਾਂਤ ਕਿਸ਼ੋਰ ਦੀ ਟੀਮ 'ਆਈ-ਪੈਕ' ਵੱਲੋਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਤਾਮਿਲਨਾਡੂ ਵਿਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁਟਣ ਦੇ ਆਸਾਰ ਹਨ।