ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਹੋਈ ਸੂਬਾ ਪੱਧਰੀ ਮੀਟਿੰਗ, 7 ਮਾਰਚ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਕਰਨਗੀਆਂ ਜਥੇਬੰਦੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 4 ਮਾਰਚ ਨੂੰ ਸਰਕਾਰ ਨੂੰ ਮਿਲੇਗਾ SKM ਦਾ ਵਫ਼ਦ

Farmer organizations

 

ਬਰਨਾਲਾ - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅੱਜ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੋਈ। ਇਸ ਮੀਟਿੰਗ ਦੌਰਾਨ 15 ਜ਼ਿਲ੍ਹਿਆਂ ਤੋਂ ਜੱਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਤੇ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਨੂੰ ਬਾਹਰ ਕਰਨ ਦੀ ਨਿਖੇਧੀ ਕਰਦਿਆਂ ਕਿਸਾਨਾਂ ਵੱਲੋਂ ਸੰਘਰਸ਼ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਯੂਪੀ ਦੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਵੀ ਵਿਰੋਧ ਕੀਤਾ ਗਿਆ ਤੇ ਸਰਕਾਰ ਨੂੰ ਲਾਹਨਤਾਂ ਪਾਈਆਂ ਗਈਆਂ। ਕਿਸਾਨਾਂ ਵੱਲੋਂ ਰੂਸ ਵਲੋਂ ਯੂਕਰੇਨ ਤੇ ਕੀਤੇ ਹਮਲੇ ਦੀ ਨਿੰਦਾ ਕੀਤੀ ਗਈ। 

ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਹਨਾਂ ਅਹਿਮ ਮੁੱਦਿਆਂ ਨੂੰ ਲੈ ਕੇ 23 ਕਿਸਾਨ ਜੱਥੇਬੰਦੀਆਂ ਵਲੋਂ 7 ਮਾਰਚ ਨੂੰ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ 'ਤੇ ਹੈ। ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ।

ਪੰਜਾਬ ਨਾਲ ਇਹ ਵਿਤਕਰਾ, ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਕੇਂਦਰੀ ਹਕੂਮਤ ਦੇ ਹਰ ਧੱਕੇ ਦੇ ਖਿਲਾਫ਼ ਲੜ ਰਹੇ ਹਨ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੇੜੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਵਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਦਾ ਵਿਰੋਧ ਕਰਨ ਲਈ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਭਾਕਿਯੂ ਏਕਤਾ ਡਕੌਂਦਾ ਇਸ ਸੰਘਰਸ਼ ਸੱਦੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਵਧ ਚੜ ਕੇ ਹਿੱਸਾ ਲਵੇਗੀ। ਇਸ ਦੇ ਨਾਲ ਹੀ 4 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਵਫ਼ਦ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸਰਕਾਰ ਨੂੰ ਮਿਲੇਗਾ।