ਬੇਅਦਬੀ ਕਾਂਡ : ਬਹਿਬਲ ਕਲਾਂ ਮੋਰਚੇ ਵਲੋਂ ਅਗਲੇਰੀ ਰਣਨੀਤੀ ਮੁਤਾਬਕ ਵੱਡਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਏਜੰਸੀ

ਖ਼ਬਰਾਂ, ਪੰਜਾਬ

ਬੇਅਦਬੀ ਕਾਂਡ : ਬਹਿਬਲ ਕਲਾਂ ਮੋਰਚੇ ਵਲੋਂ ਅਗਲੇਰੀ ਰਣਨੀਤੀ ਮੁਤਾਬਕ ਵੱਡਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ

image

ਕੋਟਕਪੂਰਾ, 31 ਮਾਰਚ (ਗੁਰਿੰਦਰ ਸਿੰਘ) : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋ ਰਹੇ ਵੀਡੀਉ ਕਲਿੱਪ ਦੇ ਹਵਾਲੇ ਨਾਲ ਗੱਲਬਾਤ ਕਰਦਿਆਂ ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਲੱਗੇ ਪੱਕੇ ਮੋਰਚੇ ’ਚ ਪਿੰਡ ਬਹਿਬਲ ਕਲਾਂ ਵਿਖੇ ਬੈਠੇ ਸੁਖਰਾਜ ਸਿੰਘ ਨਿਆਮੀਵਾਲਾ ਅਤੇ ਸਾਧੂ ਸਿੰਘ ਸਰਾਵਾਂ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਅੰਦਰ ਕਾਬੂ ਕਰਨ ਦਾ ਦਾਅਵਾ ਕਰਦਿਆਂ ਆਖਿਆ ਸੀ ਕਿ ਬੇਅਦਬੀ ਕਾਂਡ ਦੇ ਕਸੂਰਵਾਰਾਂ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ ਪਰ ਅਕਾਲੀ-ਭਾਜਪਾ ਗਠਜੋੜ ਸਰਕਾਰ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪਤਾ ਹੋਣ ਦੇ ਬਾਵਜੂਦ ਵੀ ਨਾ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿਤੀਆਂ ਤੇ ਨਾ ਹੀ ਪੀੜਤਾਂ ਨੂੰ ਇਨਸਾਫ਼ ਦੇਣ ਦੀ ਜ਼ਰੂਰਤ ਸਮਝੀ। 
ਸੁਖਰਾਜ ਸਿੰਘ ਨਿਆਮੀਵਾਲਾ ਨੇ ਆਖਿਆ ਕਿ 10 ਮਾਰਚ ਨੂੰ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਝੋਲੀ 92 ਵਿਧਾਇਕ ਪਾ ਕੇ ਸ਼ਾਨਦਾਰ ਜਿੱਤ ਦਿਵਾਈ, 16 ਮਾਰਚ ਨੂੰ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਜਨਮ ਧਰਤੀ ’ਤੇ ਬਤੌਰ ਮੁੱਖ ਮੰਤਰੀ ਸਹੁੰ ਚੁੱਕਣ ਮੌਕੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ 100 ਫ਼ੀ ਸਦੀ ਪੂਰੀ ਉਤਰੇਗੀ ਪਰ ਹੁਣ ਸਰਕਾਰ ਦੇ ਗਠਨ ਤੋਂ ਬਾਅਦ 24 ਘੰਟੇ ਤਾਂ ਦੂਰ ਬਲਕਿ 15 ਦਿਨਾਂ ਬਾਅਦ ਵੀ ਦੋਸ਼ੀ ਸਾਹਮਣੇ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮੁੱਦੇ ’ਤੇ ਚੁੱਪ ਹੈ। ਨਿਆਮੀਵਾਲਾ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਬਣਨ ਤੋਂ ਬਾਅਦ ਖੁਦ ਬਹਿਬਲ ਮੋਰਚੇ ’ਚ ਹਾਜ਼ਰੀ ਭਰਦਿਆਂ ਵਿਸ਼ਵਾਸ਼ ਦਿਵਾਇਆ ਸੀ ਕਿ ਉਹ ਬੇਅਦਬੀ ਕਾਂਡ ਦੇ ਮੁੱਦੇ ’ਤੇ ਗੰਭੀਰ ਹਨ ਤੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। 
ਸਾਧੂ ਸਿੰਘ ਸਰਾਵਾਂ ਅਤੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਦਸਿਆ ਕਿ ਪ੍ਰਸਾਸ਼ਨ ਨੇ 31 ਮਾਰਚ ਤਕ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਅੱਜ 31 ਮਾਰਚ ਦਾ ਦਿਨ ਛਿਪਣ ਤਕ ਕੋਈ ਵੀ ਪ੍ਰਸਾਸ਼ਨਿਕ ਅਧਿਕਾਰੀ ਜਾਂ ਸਰਕਾਰ ਦਾ ਨੁਮਾਇੰਦਾ ਸਾਰ ਲੈਣ ਲਈ ਨਹੀਂ ਪੁੱਜਾ, ਜਿਸ ਕਰ ਕੇ ਹੁਣ ਬਹਿਬਲ ਮੋਰਚੇ ਵਿਖੇ ਦੇਸ਼ ਭਰ ਦੀਆਂ ਸਿੱਖ ਸੰਸਥਾਵਾਂ ਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਬੁਲਾ ਕੇ ਵੱਡਾ ਪੋ੍ਰਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਇਨਸਾਫ਼ ਮਿਲਣ ਤਕ ਮੋਰਚਾ ਲਗਾਤਾਰ ਜਾਰੀ ਰਹੇਗਾ।
ਫੋਟੋ :- ਕੇ.ਕੇ.ਪੀ.-ਗੁਰਿੰਦਰ-31-8ਐੱਚ