ਸਦਨ ’ਚ ਹੰਗਾਮਾ: ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਕੱਢਿਆ ਬਾਹਰ

ਏਜੰਸੀ

ਖ਼ਬਰਾਂ, ਪੰਜਾਬ

ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਹੋਈ ਇਹ ਕਾਰਵਾਈ

Rana Inder Pratap Singh

 

ਚੰਡੀਗੜ੍ਹ -  ਚੰਡੀਗੜ੍ਹ ਦੇ ਮਸਲੇ ’ਤੇ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਹੋ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਕਾਫ਼ੀ ਹੰਗਾਮਾ ਕੀਤਾ ਗਿਆ, ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਬਾਹਰ ਕੱਢ ਦਿੱਤਾ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਰਸ਼ਲ ਨੂੰ ਇੰਦਰਪ੍ਰਤਾਪ ਸਿੰਘ ਨੂੰ ਸਦਨ ’ਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ। 

ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਸਤਾਵ ’ਤੇ ਚਰਚਾ ਹੋਈ। ਅਖ਼ੀਰ ’ਚ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲੱਗੇ ਤਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਜਿੱਤੇ ਰਾਣਾ ਇੰਦਰਪ੍ਰਤਾਪ ਸਿੰਘ ਨੇ ਵਿਚਕਾਰ ਹੀ ਬੋਲਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਭਗਵੰਤ ਮਾਨ ਨੇ ਰਾਣਾ ਗੁਰਜੀਤ ਨੂੰ ਅਪੀਲ ਕੀਤੀ ਕਿ ਜੇ ਅਪਣੇ ਪੁਤਰ ਨੂੰ ਚੁੱਪ ਕਰਾ ਸਕਦੇ ਨੇ ਤਾਂ ਕਰਵਾ ਲੈਣ ਫਿਰ ਰਾਣਾ ਗੁਰਜੀਤ ਨੇ ਵੀ ਅਪਣੇ ਪੁੱਤਰ ਦਾ ਸਾਥ ਦਿੱਤਾ ਤੇ ਕਿਹਾ ਕਿ ਉਹ ਪਹਿਲੀ ਵਾਰ ਬੋਲ ਰਿਹਾ ਹੈ ਪਰ ਉਸ ਨੂੰ ਬੋਲਣ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਨੇ ਰਾਣਾ ਗੁਰਜੀਤ ਨੂੰ ਕਿਹਾ ਕਿ ਜੇ ਉਹਨਾਂ ਨੇ ਬੋਲਣਾ ਹੀ ਸੀ ਤਾਂ ਉਹ ਘਰ ਤੋਂ ਸਿਖਾਕੇ ਲੈ ਕੇ ਆਉਂਦੇ ਕਿ ਸਦਨ ਵਿਚ ਬੋਲਣਾ ਕੀ ਹੈ ਤੇ ਕਿਵੇਂ ਪੇਸ਼ ਆਉਣਾ ਹੈ। ਇਸ ਨੂੰ ਵੇਖਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਰਾਣਾ ਇੰਦਰਪ੍ਰਤਾਪ ਨੂੰ ਬਾਹਰ ਕੱਢ ਦਿੱਤਾ। 

ਹੰਗਾਮੇ ਵਿਚਾਲੇ ਇਸ ਦੌਰਾਨ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਇਸ ਦਾ ਸਮਰਥਨ ਕੀਤਾ। ਉਥੇ ਹੀ ਭਾਜਪਾ ਨੇ ਵਿਰੋਧ ਕਰਦੇ ਹੋਏ ਮਾਨ ਸਰਕਾਰ ਦੀ ਮੰਸ਼ਾ ’ਤੇ ਸਵਾਲ ਖੜ੍ਹੇ ਕੀਤੇ। ਪ੍ਰਸਤਾਵ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਹ ਸੰਸਦ ਦੇ ਅੰਦਰ-ਬਾਹਰ ਅਤੇ ਸੜਕਾਂ ’ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਬਾਰੇ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਸਮਾਂ ਲੈਣਗੇ। ਜਿਸ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਵਿਵਾਦ ਚੰਡੀਗੜ੍ਹ ’ਚ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੁਰੂ ਹੋਇਆ ਹੈ।