ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਦੇ 32ਵੇਂ ਦਿਨ ਸੂਬੇ ਭਰ ’ਚ 490 ਛਾਪੇਮਾਰੀਆਂ ਤੋਂ ਬਾਅਦ 40 ਨਸ਼ਾ ਤਸਕਰ ਗ੍ਰਿਫ਼ਤਾਰ

Punjab Police conducts search operation at 147 railway stations across the state

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਡੀਜੀਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ, ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 147 ਰੇਲਵੇ ਸਟੇਸ਼ਨਾਂ ’ਤੇ ਕਰੀਬ 1925 ਲੋਕਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਛੇ ਸ਼ੱਕੀ ਵਿਅਕਤੀਆਂ ਨੂੰ  ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਮੰਗਲਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਸੂਬੇ ਭਰ ਵਿੱਚ 40 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 28 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, ਮਹਿਜ਼ 32 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4690 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 320.5 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 1422 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7978 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਉਨ੍ਹਾਂ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 255 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ , ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।