ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦਵਾਰਾ ਗੁਰੂ ਕੇ ਮਹਿਲ ਤਕ ਸਜਾਇਆ ਨਗਰ ਕੀਰਤਨ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦਵਾਰਾ ਗੁਰੂ ਕੇ ਮਹਿਲ ਤਕ ਸਜਾਇਆ ਨਗਰ ਕੀਰਤਨ

image

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ

ਅੰਮ੍ਰਿਤਸਰ, 30 ਅਪ੍ਰੈਲ ( ਸੁਖਵਿੰਦਰਜੀਤ ਸਿੰਘ ਬਹੋੜੂ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਕਲ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ-ਜਸ ਸਰਵਣ ਕਰਵਾਇਆ।
 ਅਕਾਲ ਤਖ਼ਤ ਸਾਹਿਬ ਤੋਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤਕ ਨਗਰ ਕੀਰਤਨ ਸਜਾਇਆ ਗਿਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ। ਗਤਕਾ ਅਤੇ ਬੈਂਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ।
ਬੇਸ਼ੱਕ ਕੋਰੋਨਾ ਦੇ ਚਲਦਿਆਂ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ, ਪਰ ਹਾਜ਼ਰ ਸੰਗਤਾਂ ਅੰਦਰ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਪ੍ਰਤੀ ਉਤਸ਼ਾਹ ਸੀ। ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ ਆਦਿ ਹਾਜ਼ਰ ਸਨ।


ਕੈਪਸ਼ਨ—ਏ ਐਸ ਆਰ ਬਹੋੜੂ— 30— 3 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤਕ ਸਜਾਏ ਗਏ ਨਗਰ ਕੀਰਤਨ ਦਾ ਦਿ੍ਰਸ਼