ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਪਹਿਲੀ ਤਰਜੀਹ : ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹਈਆ ਕਰਵਾਉਣ ਲਈ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ...

Brahm Mohindra with others

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹਈਆ ਕਰਵਾਉਣ ਲਈ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਤੇ ਦੋ ਡੈਂਟਲ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਗਠਤ ਕੀਤੀ ਉਚ ਤਾਕਤੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਸਿਹਤ ਤੇ ਮੈਡੀਕਲ ਸਿਖਿਆ ਮੰਤਰੀ ਅਤੇ ਕਮੇਟੀ ਦੇ ਮੁਖੀ ਬ੍ਰਹਮ ਮਹਿੰਦਰਾ ਅਤੇ ਪੈਟਰਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੀ ਅਗਵਾਈ ਵਿਚ ਹੋਈ।

ਅੱਜ ਦੀ ਇਸ ਮੀਟਿੰਗ ਵਿਚ ਮੈਡੀਕਲ ਖੇਤਰ ਦੀਆਂ ਕਈ ਉਘੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਵਾਜਬ ਖ਼ਰਚੇ 'ਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲੀ ਤਰਜੀਹ ਹੈ, ਇਸ ਲਈ ਸੂਬੇ ਦੇ ਪਟਿਆਲਾ, ਫ਼ਰੀਦਕੋਟ ਤੇ ਅੰਮ੍ਰਿਤਸਰ ਵਿਖੇ ਸਥਿਤ ਮੈਡੀਕਲ ਤੇ ਡੈਂਟਲ ਕਾਲਜਾਂ ਅਤੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁਕੇ ਜਾਣ ਲਈ ਇਸ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ ਹੈ

ਅਤੇ ਇਸ ਦੀਆਂ ਸਿਫ਼ਾਰਸ਼ਾਂ ਨੂੰ ਬਹੁਤ ਜਲਦ ਲਾਗੂ ਕੀਤਾ ਜਾਵੇਗਾ। ਬ੍ਰਹਮ ਮਹਿੰਦਰਾ ਨੇ ਦਸਿਆ ਕਿ ਮੁੱਖ ਮੰਤਰੀ ਵਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ 100 ਕਰੋੜ ਰੁਪਏ ਜਾਰੀ ਵੀ ਕਰ ਦਿਤੇ ਹਨ ਜਿਸ ਨਾਲ 42 ਕਰੋੜ ਦੇ ਕੰਮ ਸ਼ੁਰੂ ਹੋ ਗਏ ਹਨ। ਜਦ ਕਿ 58 ਕਰੋੜ ਦੇ ਕੰਮ ਛੇਤੀ ਹੀ ਸ਼ੁਰੂ ਕਰ ਦਿਤੇ ਜਾਣਗੇ। ਮੀਟਿੰਗ ਦੌਰਾਨ ਕਮੇਟੀ ਦੇ ਪੈਟਰਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਕਿਸੇ ਵੇਲੇ ਪੰਜਾਬ,

ਹਰਿਆਣਾ ਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਜਾਣਿਆ ਜਾਂਦਾ ਸੀ ਪਰ ਹੁਣ ਇਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਮਰੀਜ਼ਾਂ ਨੂੰ ਨਿਜੀ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸਮੇਤ ਪਟਿਆਲਾ, ਫ਼ਰੀਦਕੋਟ ਤੇ ਅੰਮ੍ਰਿਤਸਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਦਾ ਪੁਰਾਣੀ ਸ਼ਾਨ ਤੇ ਰੁਤਬਾ ਬਹਾਲ ਕੀਤਾ ਜਾਵੇਗਾ ਤਾਕਿ ਗ਼ਰੀਬ ਤੇ ਲੋੜਵੰਦ ਵਿਅਕਤੀ ਇਲਾਜ ਕਰਵਾ ਸਕਣ।

ਉਨ੍ਹਾਂ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੇ ਆਈ.ਸੀ.ਯੂ ਨੂੰ ਤੁਰੰਤ ਅਪਗਰੇਡ ਕਰਨ ਲਈ ਵੀ ਕਿਹਾ।ਮੀਟਿੰਗ ਦੌਰਾਨ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ: ਕੇ.ਕੇ. ਤਲਵਾੜ ਨੇ ਪੰਜਾਬ ਦੇ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ ਵਿਚ ਟੈਲੀ ਮੈਡੀਕਲ ਪ੍ਰਣਾਲੀ ਨੂੰ ਅਪਣਾਉਣ ਅਤੇ ਅਕੈਡਮਿਕ ਕਮੇਟੀਆਂ ਬਣਾਉਣ ਦੀ ਸਲਾਹ ਦਿੱਤੀ।

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਉਪ ਕੁਲਪਤੀ ਡਾ: ਰਾਜ ਬਹਾਦਰ ਨੇ ਕਿਹਾ ਕਿ ਮੈਡੀਕਲ ਕਾਲਜ ਤੇ ਹਸਪਤਾਲਾਂ ਦੀ ਅਪਗਰੇਡੇਸ਼ਨ ਲਈ ਖਰਚੇ ਪੈਸੇ ਦਾ ਮੁਕੰਮਲ ਆਡਿਟ ਹੋਣਾ ਚਾਹੀਦਾ ਹੈ ਅਤੇ ਹਸਪਤਾਲ ਵਿਚ ਯੂਜ਼ਿਜ਼ ਚਾਰਜਿਜ਼ ਨਾਲ ਇਕੱਤਰ ਹੋਏ ਪੈਸੇ ਨੂੰ ਹਸਪਤਾਲਾਂ ਨੂੰ ਹੀ ਖ਼ਰਚਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।