ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਪਹਿਲਕਦਮੀ ਨਾਲ ਸਟੈਂਪ ਪੇਪਰਾਂ ਦੀ ਛਪਾਈ 'ਤੇ ਲਗਦੇ ਸਾਲਾਨਾ 35 ਕਰੋੜ ਰੁਪਏ ਦੀ ਹੋਵੇਗੀ ਬੱਚਤ: ਬ੍ਰਹਮ ਸ਼ੰਕਰ ਜਿੰਪਾ

Punjab Government Launches E-Stamp Facility

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਯਾਨੀ ਕੰਪਿਊਟਰ ਤੋਂ ਪਿ੍ੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

Brahm Shankar Jimpa

ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਕੇਵਲ 20,000/- ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਉਤੇ ਉਪਲਬਧ ਸੀ। ਉਨ੍ਹਾਂ ਕਿਹਾ, "ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।"

Brahm Shankar Jimpa

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ 'ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਉਪਲਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ।

Brahm Shankar Jimpa

ਉਨ੍ਹਾਂ ਦੱਸਿਆ ਕਿ ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616, ਮਿਤੀ 27.05.2022  ਜਾਰੀ ਕੀਤਾ ਜਾ ਚੁੱਕਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19,999 ਰੁਪਏ ਤੱਕ ਦੇ ਈ-ਸਟੈਂਪ ਉਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ ਜਦੋਂਕਿ ਆਮ ਲੋਕਾਂ ਨੂੰ ਸਟੈਂਪ ਪੇਪਰ ਪੂਰੇ ਰੇਟ ਉਤੇ ਹੀ ਮਿਲਣਗੇ। ਉਦਾਹਰਣ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਸਟੈਂਪ ਪੇਪਰ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ ਉਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸਟੈਂਪ ਪੇਪਰਾਂ ਵਿੱਚ ਹੋਣ ਵਾਲੀ ਹੇਰਾਫੇਰੀ ਦੀ ਸੰਭਾਵਨਾ ਨੂੰ ਖ਼ਤਮ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ।

ਵਿਭਾਗ ਵੱਲੋਂ ਪੰਜ ਹੋਰ ਈ-ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਰਜ਼ਾ/ਹਾਈਪੌਥੀਕੇਸ਼ਨ ਐਗਰੀਮੈਂਟ, ਐਗਰੀਮੈਂਟ ਆਫ ਪਲੈੱਜ, ਹਲਫ਼ੀਆ ਬਿਆਨ ਤੇ ਹਲਫ਼ਨਾਮਾ, ਡਿਮਾਂਡ ਪ੍ਰੌਮਿਸਰੀ ਨੋਟ ਅਤੇ ਇਨਡਿਮਨਟੀ ਬਾਂਡ ਸ਼ਾਮਲ ਹਨ। ਇਹ ਦਸਤਾਵੇਜ਼ ਵੀ ਹੁਣ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਣਗੇ। ਮਾਲ ਵਿਭਾਗ ਦੇ ਸਕੱਤਰ ਸ. ਮਨਵੇਸ਼ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਹੂਲਤ ਨੂੰ ਭਾਰਤ ਸਰਕਾਰ ਦੀ ਨੈਸ਼ਨਲ ਈ-ਗਵਰਨੈਂਸ ਸਰਵਿਸਿਜ਼ ਲਿਮਟਿਡ (ਐਨ.ਈ.ਐਸ.ਐਲ.) ਨਾਲ ਤਾਲਮੇਲ ਕਰਕੇ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਜਿੱਥੇ ਬੈਂਕਾਂ ਨੂੰ ਸਹੂਲਤ ਹੋਵੇਗੀ, ਉੱਥੇ ਉਪਰੋਕਤ ਸਾਰੀਆਂ ਸਹੂਲਤਾਂ ਲਈ ਆਮ ਲੋਕਾਂ ਨੂੰ ਬੈਂਕਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ 'ਤੇ ਜਾਣ ਦੀ ਲੋੜ ਨਹੀਂ ਪਵੇਗੀ।