ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਇਸ ਕੇਸ ਵਿਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ

photo

 

ਚੰਡੀਗੜ੍ਹ, 1 ਜੂਨ:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਬੁਲਾਰੇ ਨੇ ਦਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।