ਗੁਰਦੀਪ ਸਿੰਘ ਪੰਧੇਰ, ਸੁਹੇਲ ਸਿੰਘ ਬਰਾੜ ਤੇ ਪੰਕਜ ਬਾਂਸਲ ਦੀ ਜ਼ਮਾਨਤ ਦਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਛਿਆ! ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਨਹੀਂ ਤਾਂ ਦੋਸ਼ੀਆਂ ਨੂੰ ਜ਼ਮਾਨਤਾਂ ਕਿਉਂ?

Photo

ਕੋਟਕਪੂਰਾ, 30 ਜੂਨ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਨਾਲ ਜੁੜੀਆਂ ਕਾਰਵਾਈਆਂ ਦੇ ਸਬੰਧ 'ਚ ਐਸਆਈਟੀ ਵਲੋਂ ਹਿਰਾਸਤ 'ਚ ਲੈਣ ਉਪਰੰਤ ਜੇਲ 'ਚ ਜਾ ਚੁੱਕੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ, ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਵਲੋਂ ਲਾਈ ਗਈ ਜ਼ਮਾਨਤ ਦੀ ਅਰਜ਼ੀ ਦਾ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਵਾਰਾਂ ਨੇ ਵਿਰੋਧ ਕੀਤਾ ਹੈ।

ਗੁਰਜੀਤ ਸਿੰੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਸਰਾਵਾਂ ਅਤੇ ਕਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਇਕ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਉਸ ਬਦਲੇ ਪੰਥਦਰਦੀਆਂ ਨੂੰ ਧਰਨੇ ਲਾਉਣ ਜਾਂ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਤੇ ਦੂਜੇ ਪਾਸੇ ਨਿਰਦੋਸ਼ ਤੇ ਨਿਹੱਥੀਆਂ ਸਿੱਖ ਸੰਗਤਾਂ ਉਪਰ ਅੰਨੇਵਾਹ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਫ਼ਸਰਾਂ ਨੂੰ ਜ਼ਮਾਨਤਾਂ ਮਿਲਣੀਆਂ ਦੁਖਦਾਇਕ ਅਤੇ ਚਿੰਤਾਜਨਕ ਹਨ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ 'ਚ ਅਸਲ ਸਬੂਤ ਮਿਟਾਉਣ, ਝੂਠੇ ਸਬੂਤ ਤਿਆਰ ਕਰਨ ਅਤੇ ਹੋਰ ਅਨੇਕਾਂ ਸਾਜਸ਼ਾਂ ਕਾਰਨ ਐਸਆਈਟੀ ਵਲੋਂ ਹਿਰਾਸਤ 'ਚ ਲਏ ਗਏ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ, ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੇ ਵਧੀਕ ਸ਼ੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਲਾ ਕੇ ਜ਼ਮਾਨਤ ਦੀ ਮੰਗ ਕੀਤੀ ਹੈ।

ਜਿਸ 'ਤੇ ਅਦਾਲਤ ਨੇ ਇਸ ਦੀ ਸੁਣਵਾਈ 2 ਜੁਲਾਈ ਲਈ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਉਕਤ ਕੇਸਾਂ ਨਾਲ ਸਬੰਧਤ ਰੀਕਾਰਡ ਵੀ ਅਦਾਲਤ ਸਾਹਮਣੇ ਪੇਸ਼ ਕਰਨ ਦਾ ਹੁਕਮ ਦਿਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਜ਼ਮਾਨਤ ਅਰਜ਼ੀ ਵਿਚ ਦਾਅਵਾ ਕੀਤਾ ਕਿ ਜਾਂਚ ਟੀਮ ਨੇ ਉਨ੍ਹਾਂ ਨੂੰ ਜਾਣਬੁੱਝ ਕੇ ਕੇਸ ਵਿਚ ਝੂਠਾ ਫਸਾਇਆ ਹੈ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ 'ਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ।

ਜ਼ਮਾਨਤ ਮੰਗਣ ਵਾਲੇ ਮੁਲਜ਼ਮਾਂ ਨੇ ਅਪਣੀ ਦਰਖਾਸਤ 'ਚ ਵਿਸ਼ਵਾਸ ਦਿਵਾਇਆ ਹੈ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਕੇਸ ਦੀ ਪ੍ਰਕਿਰਿਆ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਤ ਨਹੀਂ ਕਰਨਗੇ।ਦੱਸਣਯੋਗ ਹੈ ਕਿ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਸਾਜਸ਼ ਤਹਿਤ ਦੋਸ਼ੀਆਂ ਨੂੰ ਬਚਾਉਣ ਲਈ ਝੂਠੇ ਸਬੂਤ ਤਿਆਰ ਕਰਨ ਜਦਕਿ ਤਤਕਾਲੀਨ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਕਾਰਤੂਸ ਖੁਰਦ-ਬੁਰਦ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।