ਜਿਨਸੀ ਸ਼ੋਸ਼ਣ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਏਜੰਸੀ

ਖ਼ਬਰਾਂ, ਪੰਜਾਬ

FIR ਅਤੇ ਭਗੌੜਾ ਐਲਾਨੇ ਜਾਣ ਵਿਰੁੱਧ ਦਾਇਰ ਪਟੀਸ਼ਨ ਅਦਾਲਤ ਨੇ ਕੀਤੀ ਰੱਦ

Simarjit Singh Bains

 

ਲੁਧਿਆਣਾ – ਸੁਪਰੀਮ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਭਗੌੜਾ ਕਰਾਰ ਕੀਤੇ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਵਿਰੁੱਧ ਅਪੀਲ 'ਤੇ ਸੁਣਵਾਈ ਕੀਤੀ ਜਿਸ ਵਿਚ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਵਿਚ ਬੈਂਸ ਖਿਲਾਫ਼ ਕਥਿਤ ਬਲਾਤਕਾਰ ਦੇ ਮਾਮਲੇ 'ਚ ਪੀ.ਓ. (ਘੋਸ਼ਿਤ ਅਪਰਾਧੀ) ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਹੇਠਲੀ ਅਦਾਲਤ ਨੇ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਬੈਂਸ ਵਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵਲੋਂ ਵੀ ਬੈਂਸ ਦੀਆਂ ਰਿੱਟਾ ਰੱਦ ਕੀਤੀਆਂ ਜਾ ਚੁੱਕੀਆਂ ਹਨ। 

ਮਾਮਲੇ ਵਿਚ ਜਸਟਿਸ ਕਾਂਤ ਨੇ ਕਿਹਾ ਕਿ ਇਸ ਤੱਥ ਦੇ ਮੱਦੇਨਜ਼ਰ ਆਤਮ ਸਮਰਪਣ ਦੀ ਅਰਜ਼ੀ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਕੀਤਾ ਜਾਵੇਗਾ, ਅਸੀਂ ਦਖਲ ਨਹੀਂ ਦਿੰਦੇ। ਹਾਲਾਂਕਿ, ਜੇਕਰ ਕੋਈ ਦੇਰੀ ਹੁੰਦੀ ਹੈ, ਤਾਂ ਪਾਰਟੀ ਹਾਈ ਕੋਰਟ ਜਾਂ ਸੁਪਰੀਮ ਕੋਰਟ ਤੱਕ ਪਹੁੰਚ ਕਰ ਸਕਦੀ ਹੈ। ਜਸਟਿਸ ਕਾਂਤ ਨੇ ਕਿਹਾ ਕਿ ਮੈਜਿਸਟ੍ਰੇਟ ਹਾਈ ਕੋਰਟ ਦੀਆਂ ਟਿੱਪਣੀਆਂ ਤੋਂ ਪ੍ਰਭਾਵਿਤ ਹੋਏ ਬਿਨਾਂ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਕਰ ਸਕਦੇ ਹਨ।