ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ , ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ

Mohinder Bhagat directs officials to expedite the renovation work of military rest houses across the state

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ—ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਅਧੀਨ ਹੋਈ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿ਼ਲਾ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਵਧੇਰੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧੀਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।