ਨਸ਼ਾ ਪੀੜਤਾਂ ਦੇ ਇਲਾਜ 'ਚ ਪੁਲਿਸ ਵਲੋਂ ਵੀ ਦਿਤਾ ਜਾ ਰਿਹੈ ਪੂਰਾ ਸਹਿਯੋਗ : ਐਸ.ਐਸ.ਪੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਡੇਪੋ ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਸ. ਹਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਦੀਵਾਨਾ ਵਿਖੇ.............

SSP S. Harjeet Singh raising people's awareness against drug addicts

ਬਰਨਾਲਾ : 'ਡੇਪੋ ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਸ. ਹਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਦੀਵਾਨਾ ਵਿਖੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਜ਼ਿਲ੍ਹਾਂ ਵਾਸੀਆਂ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਬਾਕੀ ਨੌਜਵਾਨਾਂ ਨੂੰ ਵੀ ਨਸ਼ਿਆਂ ਖਿਲਾਫ਼ ਲਾਮਬੰਦ

ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀ ਲਈ ਇਲਾਜ਼ ਜਿਆਦਾ ਜ਼ਰੂਰੀ ਹੈ, ਪੁੱਛ ਪੜਤਾਲ ਨਹੀਂ। ਉਨ੍ਹਾਂ ਕਿਹਾ ਕਿ ਪੁੱਛ ਪੜਤਾਲ ਦਾ ਮਕਸਦ ਨਸ਼ਾ ਨੂੰ ਭਾਲ ਕੇ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਡੇਪੋ ਮੁਹਿੰਮ ਤਹਿਤ ਸਿੰਥੈਟਿਕ ਨਸ਼ਿਆਂ ਦੇ ਨਾਲ-ਨਾਲ ਮੈਡੀਕਲ ਨਸ਼ਿਆਂ ਦੇ ਖਾਤਮੇ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਵੀ ਨਸ਼ਾ ਛੁਡਾਉ ਕੇਂਦਰਾਂ ਤੋਂ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ। ਸ੍ਰੀ ਗੁਪਤਾ ਨੇ ਕਿਹਾ ਕਿ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਮੁਹਿੰਮ' ਤਹਿਤ ਬਰਨਾਲਾ ਜ਼ਿਲ੍ਹੇ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਨਸ਼ਾ

ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਦਵਾਈ ਲਈ ਓਟ ਕੇਂਦਰਾਂ ਵਿੱਚ ਭੇਜਣਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 6 ਓਟ ਕੇਂਦਰ ਬਰਨਾਲਾ, ਧਨੋਲਾ, ਤਪਾ ਮੰਡੀ, ਮਹਿਲਕਲਾਂ, ਭਦੌੜ ਅਤੇ ਸੋਹਲ ਪੱਤੀ ਬਣਾਏ ਗਏ ਹਨ, ਜਿੱਥੇ ਮਾਹਿਰ ਡਾਕਟਰ ਆਪਣੀ ਪੂਰੀ ਟੀਮ ਨਾਲ ਤਾਇਨਾਤ ਹਨ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਜਾਂਦੀਆਂ ਦਵਾਈਆਂ ਬਿਲਕੁਲ ਮੁਫ਼ਤ ਬਿਨਾਂ ਕਿਸੇ ਕੀਮਤ ਤੋਂ ਮਰੀਜ਼ਾਂ ਨੂੰ ਜ਼ਰੂਰਤ ਅਨੁਸਾਰ ਦਿੱਤੀਆਂ ਜਾਂਦੀਆਂ ਹਨ।  ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ 'ਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਪੂਰਾ

ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪੁਲਿਸ ਨੂੰ ਨਸ਼ਿਆਂ ਦੀ ਜਾਣਕਾਰੀ ਦੇਣ ਤੋਂ ਕਿਸੇ ਗੱਲੋਂ ਝਿਜਕਦਾ ਹੈ ਤਾਂ ਉਹ ਇਸ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰ ਸਕਦਾ ਹੈ ਅਤੇ ਇਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਉਸ ਦੀ ਪਛਾਣ ਗੁਪਤ ਰੱਖ ਕੇ ਉਸ ਸੂਚਨਾ 'ਤੇ ਪੁਲਿਸ ਵਿਭਾਗ ਨਾਲ ਮਿਲ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਦਾ ਪਹਿਲੀ ਵਾਰ ਪਿੰਡ

ਆਉਣ ਤੇ ਧੰਨਵਾਦ ਕੀਤਾ ਅਤੇ ਪਿੰਡ ਦੀਆਂ ਕੁੱਝ ਸਮੱਸਿਆਵਾਂ ਵੀ ਡਿਪਟੀ ਕਮਿਸ਼ਨਰ ਨੂੰ ਦੱਸੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ਼੍ਰੀ ਗੁਪਤਾ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਦਿੱਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਪ੍ਰਬੋਧ ਚੰਦਰ, ਐੱਸ.ਐੱਚ.ਓ. ਟੱਲੇਵਾਲ ਜਗਜੀਤ ਸਿੰਘ, ਜੀ.ਓ.ਜੀ. ਮੱਘਰ ਸਿੰਘ, ਸਮੇਤ ਵੱਡੀ ਗਿਣਤੀ 'ਚ ਪਤਵੰਤੇ ਸੱਜਣ ਤੇ ਇਲਾਕਾ ਨਿਵਾਸੀ ਹਾਜ਼ਰ ਸਨ।