ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਰਿਹਾ ਹੈ ਵਧ

Gursahib Singh

 

ਮਾਨਸਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

 

ਅਜਿਹਾ ਹੀ ਇਕ ਮਾਮਲਾ ਖੇਮਕਰਨ ਤੋਂ ਸਾਹਮਣੇ ਆਇਆ ਹੈ ਜਿਥੇ 33 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (33) ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਮਜ਼ਦੂਰੀ ਕਰਦਾ ਸੀ।

 

ਮ੍ਰਿਤਕ ਦੀ ਪਤਨੀ ਗੁਰਵਿੰਦਰ ਕੌਰ, ਭੈਣ ਹਰਜਿੰਦਰ ਕੌਰ ਅਤੇ ਜੀਜਾ ਕੁਲਬੀਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਗੁਰਸਾਹਿਬ ਘਰੋਂ ਕੰਮ ‘ਤੇ ਗਿਆ ਸੀ ਕਿ ਪਿੰਡ ਦਾ ਹੀ ਇਕ ਵਿਅਕਤੀ ਉਸ ਨੂੰ ਮ੍ਰਿਤਕ ਹਾਲਤ ਵਿਚ ਘਰ ਦੇ ਦਰਵਾਜ਼ੇ ਅੱਗੇ ਸੁੱਟ ਗਿਆ।

ਪਰਿਵਾਰ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਕਿ ਪਿੰਡ ਦੇ ਨੌਜਵਾਨ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਨਸ਼ਾ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿੰਡ ‘ਚ ਨਸ਼ਾ ਸ਼ਰੇਆਮ ਵਿਕਦਾ ਹੈ। ਗੁਰਸਾਹਿਬ ਸਿੰਘ ਨੂੰ ਵੀ ਉਨ੍ਹਾਂ ਦੇ ਪਿੰਡ ਦੇ ਹੀ ਨੌਜਵਾਨ ਨੇ ਨਸ਼ੇ ਦਾ ਟੀਕਾ ਦਿੱਤਾ ਸੀ ਅਤੇ ਟੀਕੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋਈ ਹੈ।