ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ

Dr. Baljit Kaur orders immediate action for the rescue and rehabilitation of children begging in Dera Bassi

ਚੰਡੀਗੜ੍ਹ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।

ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।

ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ  ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ "ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ" ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।