ਡਾ.ਰਾਜੀਵ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਦੇ ਪ੍ਰਿੰ: ਦਾ ਵਾਧੂ ਚਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਸ਼ਿਲੇਖ ਨੂੰ ਦਿੱਤਾ ਗਿਆ ਮੈਡੀਕਲ ਸੁਪਰਡੰਟ ਦਾ ਵਾਧੂ ਚਾਰਜ 

Guru Gobind Singh Medical College and Hospital, Faridkot

ਚੰਡੀਗੜ੍ਹ, 1 ਸਤੰਬਰ - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫਿਜ਼ੀਆਲਜੀ ਵਿਭਾਗ ਦੇ ਮੁੱਖੀ ਅਤੇ ਪ੍ਰੋਫੈਸਰ ਡਾ. ਰਾਜੀਵ ਸ਼ਰਮਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਪ੍ਰਿੰਸੀਪਲ ਵਜੋਂ ਵਾਧੂ ਚਾਰਜ ਸੌਂਪਿਆ ਗਿਆ ਹੈ। ਜਦਕਿ ਫੌਰੈਂਸਿਕ ਮੈਡੀਸਨ ਵਿਭਾਗ ਦੇ ਪ੍ਰੋ. ਡਾ. ਸ਼ਿਲੇਖ ਨੂੰ ਮੈਡੀਕਲ ਸੁਪਰਡੰਟ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਕੀਤੀ ਗਈ ਇਸ ਤਬਦੀਲੀ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਮ ਨੂੰ ਹੋਰ ਚੁਸਤ-ਦਰੁੱਸਤ ਕਰਨ ਦੇ ਮੰਤਵ ਨਾਲ ਇਹ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਨਾਲ ਨਜਿੱਠਣ ਲਈ ਮੈਡੀਕਲ ਕਾਲਜਾਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ, ਐਮਰਜੈਂਸੀ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਸਮੇਤ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।