ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਘੇਰਿਆ ਤਲਵੰਡੀ ਭਾਈ ਟੋਲ ਪਲਾਜ਼ਾ
ਕਿਸਾਨਾਂ ਵਲੋਂ ਟੋਲ ਉਗਰਾਹੀ ਦੇ ਬੂਥਾਂ 'ਤੇ ਲਗਾਇਆ ਗਿਆ ਧਰਨਾ
ਫਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਰਾਸ਼ਟਰੀ ਰਾਜ ਮਾਰਗ 54 'ਤੇ ਟੋਲ ਪਲਾਜ਼ਾ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਟੋਲ ਉਗਰਾਹੀ ਦੇ ਬੂਥਾਂ 'ਤੇ ਧਰਨਾ ਲਗਾਏ ਗਏ ਹਨ। ਇਸ਼ ਦੇ ਨਾਲ ਹੀ ਬਿਨਾਂ ਟੋਲ ਅਦਾ ਕੀਤੇ ਵਾਹਨ ਲੰਘਾਏ ਜਾ ਰਹੇ ਹਨ।
ਦੇਸ਼ ਭਰ ਵਿਚ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕਿਸਾਨ ਜਥੇਬੰਦੀਆਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਬਰਨਾਲਾ ਦੇ ਮਹਿਲ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਅਤੇ ਟੋਲ ਬੈਰੀਅਰ ਚੁਕਵਾ ਦਿੱਤਾ ਸੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੋਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨਰੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਸਮੇਤ ਹੋਰ ਕਈ ਲੋਕ ਸ਼ਾਮਲ ਸਨ। ਉਹਨਾਂ ਦੱਸਿਆ ਕਿ ਸਥਾਨਕ ਕਿਸਾਨਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ।