ਕਿਸਾਨਾਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਸਵੇਤ ਮਲਿਕ ਦੇ ਘਰ ਦਾ ਘਿਰਾਓ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਧਰਨੇ ਵਿਚ ਵੱਡੀ ਗਿਣਤੀ 'ਚ ਕੀਤੀ ਸ਼ਮੂਲੀਅਤ

Farmer Protest

ਚੰਡੀਗੜ੍ਹ - ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ,ਕਿਸਾਨ ਸੰਘਰਸ਼ ਕਮੇਟੀ ਕੰਵਲਪ੍ਰੀਤ ਪੰਨੂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਤੇ ਦੇਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। 

ਸਾਬਕਾ ਡਾਇਰੈਕਟਰ ਗੁਰਚਰਨ ਸਿੰਘ ਸਮਾਘ ਨੇ ਛੱਡੀ ਭਾਜਪਾ ਦੀ ਬਾਂਹ 
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾ ਖਿਲਾਫ਼ ਜਿੱਥੇ ਪੂਰੇ ਪੰਜਾਬ ਅੰਦਰ ਭਾਜਪਾ ਨਾਲ ਨਾਤਾ ਰੱਖਣ ਵਾਲੇ ਆਗੂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਹਨ। ਉੱਥੇ ਹੀ, ਜ਼ਿਲ੍ਹਾ ਸੰਗਰੂਰ ਦੀ ਅੰਤ੍ਰਰਿੰਗ ਕਮੇਟੀ ਦੇ ਮੈਂਬਰ ਸਾਬਕਾ ਡਾਇਰੈਕਟਰ ਗੁਰਚਰਨ ਸਿੰਘ ਸਮਾਘ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਬੁਢਲਾਡਾ ਵਿਖੇ ਵੀ ਧਰਨਾ 
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕਰਦਿਆਂ ਲਾਈਨਾਂ ਉੱਪਰ ਪੱਕੇ ਟੈਂਟ ਲਗਾ ਕੇ ਧਰਨੇ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਬੁਢਲਾਡਾ ਦੇ ਨਾਲ-ਨਾਲ ਸੰਗਰੂਰ ਰੇਲਵੇ ਸਟੇਸ਼ਨ 'ਤੇ ਵੀ ਅਣਮਿੱਥੇ ਸਮੇਂ ਲਈ ਮੋਰਚਾ ਲਾਇਆ ਹੈ। 

ਰੋਮਾਣਾ 'ਚ ਵੀ ਕਿਸਾਨਾਂ ਦਾ ਮੋਰਚਾ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਵੀ ਅੱਜ ਵੀਰਵਾਰ ਨੂੰ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਰੇਲਾਂ ਦੀ ਆਵਾਜਾਈ ਨੂੰ ਠੱਪ ਕਰਕੇ ਖੇਤੀ ਕਾਨੂੰਨਾਂ ਖਿਲਾਫ਼ ਅਣਮਿਥੇ ਸਮੇਂ ਲਈ ਧਰਨਾ ਲਗਾ ਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਕਾਰਪੋਰੇਟ ਵਪਾਰੀਆਂ ਵਿਰੁੱਧ ਸਖ਼ਤ ਨਾਅਰੇਬਾਜ਼ੀ ਕਰਦਿਆ ਹੋਇਆ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।