ਕਿਸਾਨਾਂ ਨੇ ਟੋਲ ਪਲਾਜ਼ਾ ਬੰਦ ਕਰਵਾ ਕੇ ਸ਼ੁਰੂ ਕੀਤਾ ਪੱਕਾ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦਾ ਕਈ ਥਾਵਾਂ 'ਤੇ ਹੋ ਰਿਹਾ ਭਾਰੀ ਵਿਰੋਧ

Farmer Protest at toll plaza

ਬਰਨਾਲਾ: ਦੇਸ਼ ਭਰ ਵਿਚ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕਿਸਾਨ ਜਥੇਬੰਦੀਆਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਬਰਨਾਲਾ ਦੇ ਮਹਿਲ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਅਤੇ ਟੋਲ ਬੈਰੀਅਰ ਚੁਕਵਾ ਦਿੱਤਾ। 

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੋਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨਰੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਸਮੇਤ ਹੋਰ ਕਈ ਲੋਕ ਸ਼ਾਮਲ ਸਨ।

ਉਹਨਾਂ ਦੱਸਿਆ ਕਿ ਸਥਾਨਕ ਕਿਸਾਨਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ। 

31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ 'ਰੇਲ ਰੋਕੋ ਅੰਦੋਲਨ' 

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ।

ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫਿਰੋਜ਼ਪੁਰ ਅਤੇ ਸੋਮ ਨਾਥ, ਫਗਵਾੜਾ ਦੇ ਘਰਾਂ/ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ  ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।