ਅਕਾਲੀ ਦਲ ਵੱਲੋਂ ਕਿਸਾਨ ਮਾਰਚ, ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਸੁਖਬੀਰ ਬਾਦਲ ਦਾ ਕਾਫ਼ਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਸਿਮਰਤ ਬਾਦਲ ਦੀ ਅਗਵਾਈ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਵੇਗਾ ਕਿਸਾਨ ਮਾਰਚ

Akali dal kisan march

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕਿਸਾਨ ਮਾਰਚ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮਾਰਚ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਹਨਾਂ ਨਾਲ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂ ਵੀ ਸ਼ਾਮਲ ਸਨ। ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ਪਹੁੰਚ ਕੇ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਇਹ ਕਿਸਾਨ ਮਾਰਚ ਪੰਜਾਬ ਰਾਜ ਭਵਨ ਪੁੱਜੇਗਾ।

ਇਸ ਦੌਰਾਨ ਅਕਾਲੀ ਦਲ ਵੱਲੋਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿਚ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦੇ ਇਜਲਾਸ ਮੁੜ ਸੱਦੇ ਜਾਣ ਤਾਂ ਜੋ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਉਹਨਾਂ ਕਿਹਾ ਦੇਸ਼ ਦੇ ਕਿਸਾਨ ਇਹਨਾਂ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ। 

ਉੱਧਰ ਕਿਸਾਨ ਮਾਰਚ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਹਰਸਿਮਰਤ ਕੌਰ ਬਾਦਲ ਅਪਣੀ ਰਿਹਾਇਸ਼ ਤੋਂ ਰਵਾਨਾ ਹੋ ਚੁੱਕੀ ਹੈ। ਇਸ ਮੌਕੇ ਉਹਨਾਂ ਨਾਲ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਲ ਸਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰ ਪੰਜਾਬ ਦੇ ਕਿਸਾਨਾਂ ਲਈ ਹਰ ਸੰਘਰਸ਼ ਕਰਨਗੇ।

ਹਰਸਿਮਰਤ ਕੌਰ ਬਾਦਲ ਅਕਾਲੀ ਵਰਕਰਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ, ਜਿੱਥੋਂ ਉਹਨਾਂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਿਸਾਨ ਮਾਰਚ ਲਈ ਚੰਡੀਗੜ੍ਹ ਰਵਾਨਾ ਹੋਏ। ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਕਿਸਾਨ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਰਾਹੀਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਤਖ਼ਤ ਸਹਿਬਾਨਾਂ ਤੋਂ ਕਿਸਾਨ ਮਾਰਚ ਕੀਤੇ ਜਾ ਰਹੇ ਹਨ। ਇਹਨਾਂ ਦੀ ਅਗਵਾਈ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੀਤੀ ਜਾ ਰਹੀ ਹੈ।