ਡਾ. ਵੇਰਕਾ ਵਲੋਂ ਸਿਹਤ ਦੇ ਖੇਤਰ ਵਿਚ

ਏਜੰਸੀ

ਖ਼ਬਰਾਂ, ਪੰਜਾਬ

ਡਾ. ਵੇਰਕਾ ਵਲੋਂ ਸਿਹਤ ਦੇ ਖੇਤਰ ਵਿਚ

image

ਚੰਡੀਗੜ੍ਹ, 30 ਸਤੰਬਰ (ਜਸਪਾਲ ਸਿੰਘ) : ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿਚ ਪੰਜਾਬ ਨੂੰ ਇਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ।
ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿਚ ਇਕ ਅਜਿਹਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ ਜੋ ਨਾ ਕੇਵਲ ਸਰਕਾਰੀ ਸਗੋਂ ਪ੍ਰਾਈਵੇਟ ਹਸਪਤਾਲਾਂ ਵਿਚੋਂ ਵੀ ਸੱਭ ਤੋਂ ਵਧੀਆ ਅਤੇ ਮਿਸਾਲੀ ਹੋਵੇਗਾ। ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੂਬੇ ਵਿਚ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਜਿਬ ਦਰਾਂ ’ਤੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ।
ਕੋਰੋਨਾ ਕਾਲ ਦੌਰਾਨ ਸੂਬੇ ਦੇ ਸਰਕਾਰੀ ਡਾਕਟਰਾਂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਾਰੀ ਘਾਟਾਂ-ਕਮਜ਼ੋਰੀਆਂ ਦੂਰ ਕਰਨ ਵਾਸਤੇ ਸਭਨਾਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਪੱਧਰ ਉੱਚਾ ਕਰ ਕੇ ਸਾਨੂੰ ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦਾ ਵਿਸ਼ਵਾਸ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।
ਇਸ ਤੋਂ ਪਹਿਲਾਂ ਡਾ. ਵੇਰਕਾ ਨੂੰ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਨੇ ਦਸਿਆ ਕਿ ਇਸ ਵੇਲੇ ਸੂਬੇ ਵਿਚ ਬਾਬਾ ਫ਼ਰੀਦ ਯੂਨੀਵਰਸਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਅਤੇ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਟੀ ਹੁਸ਼ਿਆਰਪੁਰ ਨਾਂ ਦੀਆਂ ਸਰਕਾਰੀ ਖੇਤਰ ਦੀਆਂ ਦੋ ਯੂਨੀਵਰਸਟੀਆਂ ਚਲ ਰਹੀਆਂ ਹਨ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਤੇ  ਫ਼ਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੀ ਹੈ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ ਕਪੂਰਥਲਾ ਬਣਾਏ ਜਾਣ ਦਾ ਪ੍ਰਸਤਾਵ ਹੈ।