ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਬਾ ਰਾਮਦੇਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ 'ਚ ਸਹਿਯੋਗ ਲਈ 1 ਕਰੋੜ ਰੁਪਏ ਦਾ ਦਿੱਤਾ ਚੈੱਕ

Baba Ramdev pays obeisance at Sachkhand Sri Harmandir Sahib

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਬਾਬਾ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬਾਬਾ ਰਾਮ ਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਬਾਬਾ ਰਾਮ ਦੇਵ ਨੂੰ ਸੱਦਾ ਵੀ ਦਿੱਤਾ।

ਇਸੇ ਦੌਰਾਨ ਬਾਬਾ ਰਾਮ ਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੋਹਨ ਸਿੰਘ ਬੰਗੀ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਡਵੋਕੇਟ ਪ੍ਰਦੀਪ ਗੋਇਲ, ਮੈਨੇਜਰ ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।