ਪੰਜਾਬ ’ਚ ਲਾਲ ਲਕੀਰ ਦੇ ਅੰਦਰ ਰਹਿਣ ਵਾਲਿਆਂ ਲਈ ਖੁਸ਼ਖਬਰੀ
ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ 'ਤੇ ਮਿਲੇਗਾ ਮਾਲਕਾਣਾ ਹੱਕ
ਚੰਡੀਗੜ੍ਹ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਜ਼ਿਲ੍ਹੇ ਤੋਂ ‘ਮੇਰਾ ਘਰ, ਮੇਰਾ ਮਾਣ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ, ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨਤਾਰਨ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨਤਾਰਨ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨਤਾਰਨ ਤੋਂ ਸ਼ੁਰੂ ਹੋਈ ਮੇਰਾ ਘਰ, ਮੇਰਾ ਮਾਣ ਮੁਹਿੰਮ ਸੂਬੇ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿਚ ਮਿਸ਼ਨ ਮੋਡ ’ਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ 2026 ਤੱਕ ਰਾਜ ਭਰ ਵਿਚ ਲਾਗੂ ਕਰ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਰਟੀ ਕਾਰਡ ਤੁਹਾਡੀ ਜ਼ਮੀਨ ’ਤੇ ਤੁਹਾਡੇ ਮਾਲਕੀ ਦੇ ਹੱਕਾਂ ਦਾ ਇਕ ਸਪੱਸ਼ਟ, ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਵੇਗਾ। ਹੁਣ ਕਿਸੇ ਨੂੰ ਇਹ ਨਹੀਂ ਕਹਿਣਾ ਪਏਗਾ ਕਿ ਤੁਹਾਡੇ ਕੋਲ ਜ਼ਮੀਨ ਦਾ ਸਬੂਤ ਨਹੀਂ ਹੈ।