ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ’ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ’ਤੇ ਨਿਯੁਕਤ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਚਲ ਰਹੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗ ਵਿੱਚ ਕਰਮਚਾਰੀਆ ਦੀ ਘਾਟ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਵਿੱਚ ਪਹਿਲਾਂ ਤੋਂ ਚਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਹੋਰ ਬਲ ਮਿਲੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਧ, ਵਿਭਾਗ ਮੁਖੀ ਸ੍ਰੀਮਤੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨ।