ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੱਤ ਮਹੀਨੇ ਮੁਕੰਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1359 ਕਿਲੋਗ੍ਰਾਮ ਹੈਰੋਇਨ ਜ਼ਬਤ, 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Seven months of war on drugs campaign complete

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਹਨਾਂ ਸੱਤ ਮਹੀਨਿਆਂ ਦੌਰਾਨ 1359.5 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਵੱਲੋਂ 437 ਕਿਲੋਗ੍ਰਾਮ ਅਫੀਮ, 248 ਕੁਇੰਟਲ ਭੁੱਕੀ, 31 ਕਿਲੋਗ੍ਰਾਮ ਚਰਸ, 498 ਕਿਲੋਗ੍ਰਾਮ ਗਾਂਜਾ, 7.2 ਕਿਲੋਗ੍ਰਾਮ ਆਈਸ, 37 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।

ਇਸ ਮੁਹਿੰਮ ਨੂੰ 214ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.6 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ, 1.34 ਲੱਖ ਨਸ਼ੀਲੀਆਂ ਗੋਲੀਆਂ ਅਤੇ 8110 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਆਪਰੇਸ਼ਨ ਦੌਰਾਨ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 392 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।